ਹਰਚੋਵਾਲ, 23 ਫਰਵਰੀ (ਢਿੱਲੋਂ)-ਪਿੰਡ ਭਾਮ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਗੁਰਦਾਸਪੁਰ ਵਲੋਂ ਇਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਿਖਲਾਈ ਅਫ਼ਸਰ ਗੁਰਦਾਸਪੁਰ ਡਾ. ਸ਼ਾਹਬਾਜ ਸਿੰਘ ਚੀਮਾ ਨੇ ਕਿਹਾ ਕਿ ਕਣਕ ਦੀ ਫਸਲ ਨੂੰ ਵਧ ਰਹੇ ਤਾਪਮਾਨ ਤੋਂ ਬਚਾਉਣ ਲਈ ਹਲਕਾ ਪਾਣੀ ਲਗਾਓ ਤੇ ਪੋਟਾਸ਼ੀਅਮ ਨਾਈਟ੍ਰੇਟ (13.0.45) 4 ਕਿਲੋ ਨੂੰ 200 ਲੀਟਰ ਪਾਣੀ 'ਚ ਮਿਲਾ ਕੇ ਪ੍ਰਤੀ ਏਕੜ ਸਪਰੇਅ ਸ਼ਾਮ ਵੇਲੇ ਕਰੋ | ਪੋਟਾਸ਼ੀਅਮ ਨਾਈਟ੍ਰੇਟ ਦੇ ਦੋ ਸਪਰੇਅ ਇਕ ਝੰਡਾ ਪੱਤਾ ਨਿਕਲਣ ਸਮੇਂ ਤੇ ਦੂਜਾ ਕਣਕ ਦੀ ਫਸਲ ਨੂੰ ਬੂਰ ਪੈਣ ਸਮੇਂ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਿੰਡ ਭਾਮ ਰਿਆੜਕੀ ਖੇਤਰ 'ਚ ਆਉਂਦਾ ਹੈ, ਜੋ ਉੱਚ ਗੁਣਵੱਤਾ ਵਾਲੀ ਮਾਂਹ ਦੀ ਪੈਦਾਵਾਰ ਲਈ ਪ੍ਰਸਿੱਧ ਹੈ | ਦਾਲਾਂ ਦੀ ਖੇਤੀ ਨਾਲ ਮਿੱਟੀ ਦੀ ਉਪਜਾਊ ਸ਼ਕਤੀ 'ਚ ਸੁਧਾਰ ਹੁੰਦਾ ਹੈ ਤੇ ਰਸਾਇਣਕ ਖਾਦਾਂ ਦੀ ਲੋੜ ਘਟਦੀ ਹੈ | ਟੇ੍ਰਨਿੰਗ ਅਫ਼ਸਰ ਡਾ. ਸੰਦੀਪ ਸਿੰਘ ਨੇ ਗਰਮੀ ਰੁੱਤ ਦੀ ਮੂੰਗੀ ਦੀ ਕਾਸ਼ਤ ਬਾਰੇ ਦੱਸਿਆ ਕਿ ਮਾਰਚ ਦੇ ਅਖੀਰ ਤੋਂ ਅਪ੍ਰੈਲ ਦੇ ਪਹਿਲੇ ਹਫ਼ਤੇ ਤੱਕ ਬਿਜਾਈ ਕੀਤੀ ਜਾ ਸਕਦੀ ਹੈ | ਡਾ. ਦਿਲਰਾਜ ਸਿੰਘ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (ਪੀਐਮ ਕਿਸਾਨ) ਯੋਜਨਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਅਖੀਰ 'ਚ ਖੇਤੀਬਾੜੀ ਵਿਸਥਾਰ ਅਫ਼ਸਰ ਕਾਦੀਆਂ ਮਨਪ੍ਰੀਤ ਸਿੰਘ ਨੇ ਆਏ ਕਿਸਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਹਰਭੇਜ ਸਿੰਘ, ਅੰਮਿ੍ਤਪਾਲ ਸਿੰਘ ਲਾਡੀ ਤੇ ਹੋਰ ਕਿਸਾਨ ਹਾਜ਼ਰ ਸਨ |