ਡੇਰਾ ਬਾਬਾ ਨਾਨਕ, 23 ਫਰਵਰੀ (ਹੀਰਾ ਸਿੰਘ ਮਾਂਗਟ)-ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੀ ਸਰਹੱਦੀ ਚੌਕੀ ਆਦੀਆਂ ਵਿਖੇ ਤਾਇਨਾਤ ਏ.ਐੱਸ.ਆਈ. ਗੁਰਨਾਮ ਸਿੰਘ ਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦੀ ਬੀਤੇ ਦਿਨੀਂ ਗੋਲੀਆਂ ਲੱਗਣ ਨਾਲ ਭੇਦਭਰੀ ਹਾਲਤ ਵਿਚ ਮੌਤ ਹੋਈ ਸੀ, ਜੋ ਕਿ ਬਹੁਤ ਹੀ ਮਦਭਾਗੀ ਘਟਨਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਦੀ ਹੋਈ ਭੇਦਭਰੀ ਮੌਤ ਦਾ ਭੇਦ ਪੁਲਿਸ ਨੂੰ ਤੁਰੰਤ ਖੋਲਣਾ ਚਾਹੀਦਾ ਹੈ, ਕਿਉਂਕਿ ਇਸ ਨੂੰ ਲੈ ਕੇ ਸਰਹੱਦੀ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਮੁਲਾਜ਼ਮ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੇ ਕੀ ਹਾਲਾਤ ਹੋਣਗੇ | ਜਥੇਦਾਰ ਛੋਟੇਪੁਰ ਨੇ ਕਿਹਾ ਕਿ ਨਿੱਤ ਦਿਨ ਵਾਪਰ ਰਹੀਆਂ ਗੋਲੀ ਕਾਂਡ ਤੇ ਕਤਲੇਆਮ ਦੀਆਂ ਘਟਨਾਵਾਂ ਨੂੰ ਰੋਕਣ ਤੇ ਗੈਂਗਸਟਰਵਾਦ ਨੂੰ ਨੱਥ ਪਾਉਣ ਵਿਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਫ਼ੇਲ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਸਾਰੀ ਘਟਨਾ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਅਸਲ ਘਟਨਾ ਦਾ ਪਤਾ ਚੱਲਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਦੋਵਾਂ ਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਾਹਿਰ ਕਰਦਿਆਂ ਕਿਹਾ ਕਿ ਇਹ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜਾ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਦਵਾਉਣ ਲਈ ਅਖੀਰ ਤੱਕ ਉਨ੍ਹਾਂ ਦੇ ਨਾਲ ਖੜਾ ਰਹੇਗਾ | ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਜਵਾਨਾਂ ਦੀ ਗੋਲੀਆਂ ਲੱਗਣ ਨਾਲ ਹੋਈ ਭੇਦ ਭਰੀ ਹਾਲਤ ਵਿਚ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇ ਤੇ ਦੋਸ਼ੀਆਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ |