ਬਟਾਲਾ, 24 ਫਰਵਰੀ (ਸਤਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੀ ਸਰਹੱਦੀ ਚੌਕੀ ਆਦੀਆਂ ਵਿਖੇ ਤਾਇਨਾਤ ਏ.ਐੱਸ.ਆਈ. ਗੁਰਨਾਮ ਸਿੰਘ ਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦੀ ਬੀਤੇ ਦਿਨੀਂ ਗੋਲੀਆਂ ਲੱਗਣ ਨਾਲ ਭੇਦਭਰੀ ਹਾਲਤ 'ਚ ਮੌਤ ਹੋਈ ਸੀ, ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪਿ੍ੰ. ਸੁਲੱਖਣ ਸਿੰਘ ਭੇਟ ਪੱਤਣ ਨੇ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਦੀ ਹੋਈ ਭੇਦਭਰੀ ਮੌਤ ਦਾ ਭੇਦ ਪੁਲਿਸ ਨੂੰ ਤੁਰੰਤ ਖੋਲਣਾ ਚਾਹੀਦਾ ਹੈ, ਕਿਉਂਕਿ ਇਸ ਨੂੰ ਲੈ ਕੇ ਸਰਹੱਦੀ ਇਲਾਕੇ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਮੁਲਾਜ਼ਮ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੇ ਕੀ ਹਾਲਾਤ ਹੋਣਗੇ | ਪਿ੍ੰ. ਸੁਲੱਖਣ ਸਿੰਘ ਨੇ ਕਿਹਾ ਕਿ ਇਸ ਸਾਰੀ ਘਟਨਾ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਅਸਲ ਘਟਨਾ ਦਾ ਪਤਾ ਚੱਲਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਦੋਵਾਂ ਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਾਹਿਰ ਕਰਦਿਆਂ ਕਿਹਾ ਕਿ ਇਹ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ ਹੈ | ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੇ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਜਵਾਨਾਂ ਦੀ ਗੋਲੀਆਂ ਲੱਗਣ ਨਾਲ ਹੋਈ ਭੇਦਭਰੀ ਹਾਲਤ ਵਿਚ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇ ਅਤੇ ਦੋਸ਼ੀਆਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ |