ਗੁਰਦਾਸਪੁਰ, 25 ਫਰਵਰੀ (ਅਸ਼ੋਕ ਸ਼ਰਮਾ)-ਪੰਜਾਬ ਸਟੇਟ ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਦੇ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਪੈਨਸ਼ਨਰਾਂ ਦੀਆਂ ਮੰਗਾਂ ਨਹੀਂ ਮੰਨ ਰਹੀ, ਸਗੋਂ ਮੀਟਿੰਗ 'ਚ ਵੀ ਤਾਰੀਖ਼ 'ਤੇ ਤਾਰੀਖ਼ ਵਾਲਾ ਕੰਮ ਕਰ ਰਹੀ ਹੈ | ਸ੍ਰੀ ਪੱਪੂ ਨੇ ਕਿਹਾ ਕਿ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਅਗਵਾਈ ਵਿਚ ਮੀਟਿੰਗ ਕਰਕੇ ਤਿੱਖਾ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ | ਜਿਸ ਤਹਿਤ ਉਨ੍ਹਾਂ ਕਿਹਾ ਕਿ ਜੇਕਰ ਬਜਟ ਸੈਸ਼ਨ ਪੰਜਾਬ ਸਰਕਾਰ ਵਲੋਂ ਸਾਲ 2026-27 ਦੇ ਬਜਟ ਵਿਚ 16 ਫ਼ੀਸਦੀ ਡੀ.ਏ, ਉਸ ਦਾ ਬਣਦਾ ਬਕਾਇਆ ਜਾਰੀ ਨਾ ਕੀਤਾ ਤੇ 1-1-16 ਤੋਂ ਪਹਿਲਾਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੰੂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਿਕ 2.59 ਗੁਣਾਂਕ ਨਾਲ ਪੈਨਸ਼ਨ ਸੋਧ ਕਰਕੇ ਉਸ ਦਾ ਬਕਾਇਆ ਨਾ ਦਿੱਤਾ, ਮੈਡੀਕਲ ਭੱਤਾ 2000 ਰੁਪਏ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਇਹ ਮੰਗਾਂ ਬਜਟ ਸੈਸ਼ਨ ਵਿਚ ਲਾਗੂ ਨਾ ਕੀਤੀਆਂ ਤਾਂ ਮੁਲਾਜ਼ਮ ਪੈਨਸ਼ਨਰਜ਼ ਸਾਂਝੇ ਫ਼ਰੰਟ ਦੀ ਅਗਵਾਈ ਹੇਠ ਬਜਟ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਧਰਨਾ ਦੇ ਕੇ ਲਗਾਤਾਰ ਚਾਰ ਦਿਨ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |