ਬਟਾਲਾ, 25 ਫਰਵਰੀ (ਸਤਿੰਦਰ ਸਿੰਘ)-ਕੇਂਦਰੀ ਮੰਤਰੀ ਗੇਜਿੰਦਰ ਸ਼ੇਖਾਵਤ ਨਾਲ ਬਟਾਲਾ ਦੇ ਸਾਬਕਾ ਵਿਧਾਇਕ ਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਨੇ ਵਿਸ਼ੇਸ਼ ਮੁਲਾਕਾਤ ਕਰਕੇ ਬਟਾਲਾ ਤੇ ਹੋਰ ਇਤਿਹਾਸਕ ਸਥਾਨਾਂ ਦੇ ਵਿਕਾਸ ਕਾਰਜਾਂ ਸਬੰਧੀ ਵਿਚਾਰ ਚਰਚਾ ਕੀਤੀ | ਇਸ ਦੌਰਾਨ ਪੰਜਾਬ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ | ਇਸ ਮੌਕੇ ਸ੍ਰੀ ਸੇਖੜੀ ਨੇ ਬਟਾਲਾ ਦੇ ਹਜ਼ੀਰਾ ਪਾਰਕ, ਬਾਰਾਂਦਰੀ ਤੇ ਤਲਾਬ ਵਿਚ ਪਾਣੀ ਪਾ ਕੇ ਬੇੜੀਆਂ ਚਲਾਉਣ ਤੋਂ ਇਲਾਵਾ ਸਿੱਧ ਪੀਠ ਸ੍ਰੀ ਦੇਵੀ ਤਲਾਬ ਮੰਦਰ ਦੇ ਸੁੰਦਰੀਕਰਨ ਕਰਨ ਲਈ ਅਪੀਲ ਕੀਤੀ | ਉਨ੍ਹਾਂ ਕੇਂਦਰੀ ਮੰਤਰੀ ਸ੍ਰੀ ਸ਼ੇਖਾਵਤ ਤੋਂ ਮੰਗ ਕੀਤੀ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ 25 ਕਰੋੜ ਦੀ ਗ੍ਰਾਂਟ ਮੁਹੱਈਆ ਕਰਵਾਈ ਜਾਵੇ ਤਾਂ ਇਨ੍ਹਾਂ ਇਤਿਹਾਸਕ ਸਥਾਨਾਂ ਦਾ ਸੁੰਦਰੀਕਰਨ ਕਰਕੇ ਇਨ੍ਹਾਂ ਨੂੰ ਨਵੀਂ ਦਿੱਖ ਦਿੱਤੀ ਜਾ ਸਕੇ |