ਫ਼ਤਹਿਗੜ੍ਹ ਚੂੜੀਆਂ, 25 ਫਰਵਰੀ (ਐਮ.ਐਸ. ਫੁੱਲ)-ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਸੰਵਿਧਾਨਿਕ ਕਾਲਜ ਗੁਰੂ ਨਾਨਕ ਸਰਕਾਰੀ ਕਾਲਜ ਕਾਲਾ ਅਫ਼ਗਾਨਾ ਵਿਖੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੁਆਰਾ ਕਾਲਜ ਦਾ ਦੌਰਾ ਕੀਤਾ ਗਿਆ | ਯੂਨੀਵਰਸਿਟੀ 'ਚ ਵਾਈਸ ਚਾਂਸਲਰ ਵਜੋਂ ਨਿਯੁਕਤ ਹੋਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਸੀ | ਇਸ ਮੌਕੇ ਉਨ੍ਹਾਂ ਵਲੋਂ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਨੂੰ ਡਿਜ਼ੀਟਲ ਯੁੱਗ ਦੀਆਂ ਲੋੜਾਂ ਅਨੁਸਾਰ ਸਿੱਖਿਆ ਪ੍ਰਾਪਤ ਕਰਨ ਵਿਚ ਸਹਾਇਕ ਸਾਬਤ ਹੋਵੇਗੀ | ਇਸ ਮੌਕੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਲੁਧਿਆਣਾ ਵਿਖੇ ਹੋਏ ਪੰਜਾਬ ਸੀਨੀਅਰ ਸਟੇਟ ਚੈਂਪੀਅਨਸ਼ਿਪ ਦੌਰਾਨ ਕੁਰਾਸ਼ ਮੁਕਾਬਲਿਆਂ 'ਚ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਦੌਰਾਨ ਵਾਈਸ ਚਾਂਸਲਰ ਨੇ ਆਉਣ ਵਾਲੇ ਸਮੇਂ ਵਿਚ ਕਾਲਜ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਕਾਲਜ ਪਿ੍ੰਸੀਪਲ/ਇੰਚਾਰਜ ਡਾ. ਅਮਨਦੀਪ ਕੌਰ ਨੇ ਕਾਲਜ ਬਾਰੇ ਸਥਾਨਿਕ ਲੋਕਾਂ ਦੇ ਸਕਾਰਾਤਮਕ ਹੁੰਗਾਰੇ ਬਾਰੇ ਦੱਸਿਆ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਰਿਹਾ |