ਨੌਸ਼ਹਿਰਾ ਮੱਝਾ ਸਿੰਘ, 25 ਫਰਵਰੀ (ਰਵੀ ਭਗਤ)-ਖੁਰਾਕ ਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਮੰਤਵ ਨਾਲ ਸੂਬੇ 'ਚ ਵਿਆਪਕ ਪੱਧਰ 'ਤੇ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ 'ਮੇਰੀ ਰਸੋਈ ਯੋਜਨਾ' ਦਾ ਐਲਾਨ ਕੀਤਾ ਹੈ, ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਮਹੀਨੇ ਤੋਂ ਤਿਮਾਹੀ ਦੇ ਆਧਾਰ 'ਤੇ ਮੁਫ਼ਤ ਫੂਡ ਕਿੱਟਾਂ ਦੀ ਵੰਡ ਸ਼ੁਰੂ ਕੀਤੀ ਜਾਵੇਗੀ | ਮੁੱਖ ਮੰਤਰੀ ਪੰਜਾਬ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਮਸ਼ੇਰ ਸਿੰਘ ਮੂਲਿਆਂਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਲੋਕ ਹਿਤੈਸ਼ੀ ਸਰਕਾਰ ਹੈ ਤੇ ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਵੱਖਰੇ ਤੌਰ 'ਤੇ ਪ੍ਰਦਾਨ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਪਹਿਲਾਂ ਜਿੱਥੇ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਸਿਰਫ ਕਣਕ ਹੀ ਮਿਲਦੀ ਸੀ, ਉਥੇ ਹੁਣ ਕਣਕ ਤੋਂ ਇਲਾਵਾ ਖੰਡ, ਸਰੋਂ ਦਾ ਤੇਲ ਤੇ ਹਲਦੀ-ਲੂਣ ਵੀ ਮਿਲੇਗਾ | ਉਨ੍ਹਾਂ ਕਿਹਾ ਕਿ ਵਿਧਾਇਕ ਬਟਾਲਾ ਤੇ ਸੂਬਾ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਹਰ ਖੇਤਰ 'ਚ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ ਅਤੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ | ਇਸ ਮੌਕੇ ਮਨਜੀਤ ਸਿੰਘ, ਰਣਜੀਤ ਸਿੰਘ, ਰਘਬੀਰ ਸਿੰਘ ਆਦਿ ਹਾਜ਼ਰ ਸਨ |