ਗੁਰਦਾਸਪੁਰ, 25 ਫਰਵਰੀ (ਅਸ਼ੋਕ ਸ਼ਰਮਾ)-ਮਾਣਯੋਗ ਸੁਪਰੀਮ ਕੋਰਟ ਵਲੋਂ ਪਲਾਸਟਿਕ ਲਿਫ਼ਾਫ਼ਿਆਂ ਉੱਪਰ ਲਗਾਈ ਪਾਬੰਦੀ ਦੇ ਬਾਵਜੂਦ ਸ਼ਹਿਰ ਤੇ ਦਿਹਾਤੀ ਖੇਤਰ ਦੀਆਂ ਦੁਕਾਨਾਂ ਅੰਦਰ ਪਲਾਸਟਿਕ ਲਿਫ਼ਾਫ਼ਿਆਂ ਦੀ ਵਿਕਰੀ ਤੇ ਵਰਤੋਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ | ਇਨ੍ਹਾਂ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਸਬੰਧਿਤ ਵਿਭਾਗ ਵਲੋਂ ਕੁਝ ਦਿਨ ਰੌਲਾ ਰੱਪਾ ਕੇ ਪਾ ਕੇ ਖ਼ਾਨਾਪੂਰਤੀ ਕਰ ਦਿੱਤੀ ਜਾਂਦੀ ਹੈ | ਪਰ ਫਿਰ ਪਰਨਾਲਾ ਉੱਥੇ ਦਾ ਉੱਥੇ ਰਹਿ ਜਾਂਦਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਕੁਝ ਵਾਤਾਵਰਨ ਪ੍ਰੇਮੀਆਂ ਨੇ ਨਾਂਅ ਗੁਪਤ ਰੱਖਣ ਦੀ ਸ਼ਰਤ 'ਚ ਦੱਸਿਆ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਵਿਚ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਅਹਿਮ ਰੋਲ ਹੈ | ਉਨ੍ਹਾਂ ਕਿਹਾ ਕਿ ਪਲਾਸਟਿਕ ਦਾ ਲਿਫ਼ਾਫ਼ਾ ਨਾ-ਗਲਣਯੋਗ ਵਸਤੂ ਹੈ ਜੋ ਕਾਫ਼ੀ ਸਮਾਂ ਮਿੱਟੀ 'ਚ ਦੱਬੇ ਰਹਿਣ ਦੇ ਬਾਵਜੂਦ ਗਲਦਾ ਨਹੀਂ | ਉਨ੍ਹਾਂ ਕਿਹਾ ਕਿ ਲਿਫ਼ਾਫ਼ਿਆਂ ਕਾਰਨ ਇਕ ਖ਼ਾਸ ਸਮੱਸਿਆ ਸ਼ਹਿਰ ਅੰਦਰ ਉਸ ਸਮੇਂ ਪੈਦਾ ਹੁੰਦੀ ਹੈ, ਜਦੋਂ ਪਲਾਸਟਿਕ ਦੇ ਲਿਫ਼ਾਫ਼ੇ ਅਕਸਰ ਨਾਲੇ ਤੇ ਸੀਵਰੇਜਾਂ ਅੰਦਰ ਫਸ ਜਾਂਦੇ ਹਨ ਤੇ ਬਰਸਾਤਾਂ ਦੇ ਦਿਨਾਂ ਵਿਚ ਪਾਣੀ ਦਾ ਨਿਕਾਸ ਸਹੀ ਢੰਗ ਨਾਲ ਨਹੀਂ ਹੁੰਦਾ | ਜਿਸ ਕਰਕੇ ਪਾਣੀ ਓਵਰਫ਼ਲੋ ਹੋ ਕੇ ਸੜਕਾਂ ਉੱਪਰ ਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਤੇ ਦਿਹਾਤੀ ਖੇਤਰ 'ਚ ਇਨ੍ਹਾਂ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਆਮ ਦੇਖੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਤੇ ਸਬਜ਼ੀ, ਫਲ ਦੀਆਂ ਰੇਹੜੀਆਂ ਵਾਲਿਆਂ ਵਲੋਂ ਇਨ੍ਹਾਂ ਪਲਾਸਟਿਕ ਦੇ ਲਿਫ਼ਾਫ਼ਿਆਂ ਵਿਚ ਸ਼ਰੇਆਮ ਗ੍ਰਾਹਕਾਂ ਨੂੰ ਸਮਾਨ ਪਾ ਕੇ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਰੋਕਣ ਵਾਲਾ ਕੋਈ ਨਹੀਂ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਧਰਤੀ ਉੱਪਰ ਲਗਾਤਾਰ ਵਧ ਰਹੇ ਪ੍ਰਦੂਸ਼ਣ ਕਾਰਨ ਕਈ ਬਿਮਾਰੀਆਂ ਜਨਮ ਲੈ ਰਹੀਆਂ ਹਨ ਤੇ ਜੇਕਰ ਸਰਕਾਰਾਂ ਵਲੋਂ ਸਮਾਂ ਰਹਿੰਦਿਆਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਨਾ ਰੋਕਿਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਵਾਤਾਵਰਨ ਪ੍ਰਦੂਸ਼ਣ ਹੋਰ ਵੀ ਵਧਦਾ ਜਾਵੇਗਾ | ਵਾਤਾਵਰਨ ਪ੍ਰੇਮੀਆਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਤਾਂ ਵਾਤਾਵਰਨ ਪ੍ਰਦੂਸ਼ਣ ਹੋਣ ਤੋਂ ਬਚ ਸਕੇ |