ਬਟਾਲਾ, 26 ਫਰਵਰੀ (ਸਤਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਕਲਮ ਛੋੜ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ | ਇਸ ਮੌਕੇ ਰੋਸ ਜਾਹਿਰ ਕਰਦਿਆਂ ਕਰਮਚਾਰੀ ਆਗੂਆਂ ਨੇ ਕਿਹਾ ਕਿ ਉੁਹ 20 ਸਾਲਾਂ ਤੋਂ ਸਿੱਖਿਆ ਵਿਭਾਗ 'ਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਹਨ, ਪਰ ਵਿਭਾਗ ਵਲੋਂ ਸਾਡੀਆਂ ਤਨਖਾਹਾਂ 'ਚ 31000 ਰੁਪਏ ਪ੍ਰਤੀ ਮਹੀਨਾ ਕਟੌਤੀ ਕੀਤੀ ਜਾ ਰਹੀ ਹੈ, ਜਿਸ ਕਰਕੇ ਆਪਣੀਆਂ ਹੱਕੀ ਮੰਗਾਂ ਸੰਬੰਧੀ ਮੋਹਾਲੀ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਇਸੇ ਦੌਰਾਨ ਸਰਕਾਰ ਦੀ ਕਥਿਤ ਸ਼ਹਿ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਮੁਲਾਜ਼ਮਾਂ 'ਤੇ ਜਲ ਤੋਪਾਂ ਦੀ ਵਰਤੋਂ ਕੀਤੀ ਗਈ ਤੇ ਮੁਲਾਜ਼ਮਾਂ ਤੇ ਪੁਲਿਸ ਵਿਚ ਹੋਈ ਹੱਥੋਪਾਈ ਦੌਰਾਨ ਮੁਲਾਜ਼ਮਾਂ ਦੀਆਂ ਦਸਤਾਰਾਂ ਦੀ ਬੇਅਦਬੀ ਵੀ ਹੋਈ ਤੇ ਕਈ ਜ਼ਖ਼ਮੀ ਹੋਏ, ਜੋ ਕਿ ਸਰਕਾਰ ਮੁਲਾਜ਼ਮਾਂ ਨੂੰ ਦਬਾਉਣ 'ਤੇ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਕੈਬਨਿਟ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਈ ਵਾਰ ਅਧਿਕਾਰੀਆਂ ਨੂੰ ਤਨਖਾਹਾਂ ਨਾ ਘਟਾਉਣ ਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ, ਪਰ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੋਲਿਆ ਕੀਤਾ ਗਿਆ | ਇਸ ਮੌਕੇ ਸਰਵ ਸਿੱਖਿਆ ਅਭਿਆਨ ਮਿਡ-ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਵਲੋਂ ਆਪਣੀ ਕਲਮ ਛੋੜ ਹੜਤਾਲ ਦੇ ਨਾਲ-ਨਾਲ ਮੋਹਾਲੀ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਵੀ ਸ਼ੁਰੂ ਕੀਤਾ ਹੋਇਆ ਹੈ | ਆਗੂਆਂ ਨੇ ਕਿਹਾ ਕਿ ਕੱਲ੍ਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਣ ਵਾਲੀ ਮੀਟਿੰਗ 'ਚ ਜੇਕਰ ਤਨਖ਼ਾਹ ਕਟੌਤੀ ਦਾ ਤੇ 1 ਅਪ੍ਰੈਲ 2018 ਤੋਂ ਰੈਗੂਲਰ ਆਰਡਰ ਦੇਣ ਸਬੰਧੀ ਕੋਈ ਫੈਸਲਾ ਨਾ ਹੋਇਆ ਤਾਂ ਮੁਲਾਜ਼ਮ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਘਰਾਂ ਵਲੋਂ ਗੁਪਤ ਐਕਸ਼ਨ ਕਰਨ ਲਈ ਮਜਬੂਰ ਹੋਣਗੇ |