ਬਟਾਲਾ, 26 ਫਰਵਰੀ (ਸਤਿੰਦਰ ਸਿੰਘ)-ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਿਰਮੌਰ ਜਥੇਬੰਦੀਆਂ ਪੀ.ਐੱਸ.ਈ.ਬੀ., ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸ਼ੋੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਪੈਨਸ਼ਨ ਯੂਨੀਅਨ (ਸੰਬੰਧਤ ਏਟਕ) ਪੈਨਸ਼ਨ ਵੈਲਫੇਅਰ ਫੈਡਰੇਸ਼ਨ ਦੇ ਆਗੂਆਂ ਵਲੋਂ ਤਰਨਤਾਰਨ ਜ਼ਿਲ੍ਹੇ ਦੇ ਸੇਰੋਂ ਖੰਡ ਮਿੱਲ ਦੀ ਜ਼ਮੀਨ ਦਾ ਤਬਾਦਲਾ ਪੁੱਡਾ ਨੂੰ ਕਰਨ ਖ਼ਿਲਾਫ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਗਿ੍ਫ਼ਤਾਰੀ ਦੀ ਪੁਰਜ਼ੋਰ ਨਿਖੇਧੀ ਕੀਤੀ | ਇਸ ਮੌਕੇ ਆਗੂਆਂ ਰਤਨ ਸਿੰਘ ਮਜਾਰੀ, ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆਂ, ਬਲਦੇਵ ਸਿੰਘ ਮੰਡਾਲੀ, ਸੁਰਿੰਦਰਪਾਲ ਲਾਹੌਰੀਆ, ਕੁਲਵਿੰਦਰ ਸਿੰਘ ਢਿੱਲੋਂ, ਬਲਜੀਤ ਸਿੰਘ ਮੋਦਲਾ, ਰਵੇਲ ਸਿੰਘ ਸਹਾਏਪੁਰ, ਦੇਵਿੰਦਰ ਸਿੰਘ ਪਿਸ਼ੌਰ, ਰਣਜੀਤ ਸਿੰਘ ਢਿੱਲੋਂ, ਜਸਵੀਰ ਸਿੰਘ ਆਂਡਲੂ, ਕੌਰ ਸਿੰਘ ਸੋਹੀ, ਦਲੀਪ ਕੁਮਾਰ, ਪਵਨਪ੍ਰੀਤ ਸਿੰਘ, ਗੁਰਪਿਆਰ ਸਿੰਘ, ਰਾਧੇ ਸ਼ਿਆਮ, ਬਾਬਾ ਅਮਰਜੀਤ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਸਿਆਸੀ ਵਾਅਦੇ ਪੂਰੇ ਕਰਨ ਲਈ ਬਿਜਲੀ ਅਦਾਰੇ ਸਮੇਤ ਸਮੁੱਚੇ ਪੰਜਾਬ ਦੇ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਵੇਚ ਰਹੀ ਹੈ, ਜਿਸ ਦੇ ਖਿਲਾਫ਼ ਪੂਰੇ ਪੰਜਾਬ ਅੰਦਰ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ | ਆਗੂਆਂ ਨੇ ਕਿਹਾ ਕਿ ਸਰਕਾਰੀ ਜਬਰ ਦੇ ਵਿਰੱੁਧ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਗਟਾ ਰਹੇ ਆਗੂਆਂ ਦੀ ਗਿ੍ਫ਼ਤਾਰੀ ਆਮ ਨਾਗਰਿਕਾਂ ਦੇ ਜਮਹੂਰੀ ਹੱਕਾਂ ਉੱਪਰ ਡਾਕਾ ਹੈ | ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਗਿ੍ਫ਼ਤਾਰ ਕੀਤੇ ਆਗੂਆਂ ਨੂੰ ਤੁਰੰਤ ਨਾ ਰਿਹਾਅ ਕੀਤਾ ਗਿਆ ਅਤੇ ਜ਼ਮੀਨਾਂ ਵੇਚਣ ਦਾ ਘਾਤਕ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਸੰਯੁਕਤ ਕਿਸਾਨ ਮੋਰਚੇ ਨਾਲ ਰਲ ਕੇ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਜ਼ੋਰਦਾਰ ਸੰਘਰਸ਼ ਕਰਨਗੀਆਂ |