ਡੇਰਾ ਬਾਬਾ ਨਾਨਕ, 26 ਫਰਵਰੀ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਈਆਂ | ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਅੰਦਰ ਸਰਬਪੱਖੀ ਵਿਕਾਸ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ ਤੇ ਪਿਛਲੇ 4 ਸਾਲਾਂ ਦੌਰਾਨ ਸਮੁੱਚੇ ਹਲਕੇ ਵਿਚ ਲੋਕ ਹਿੱਤ 'ਚ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ ਹਨ ਤੇ ਨਿਰੰਤਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ | ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖਾਂ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਤੇ ਲੋਕ ਹਿੱਤ ਵਿਚ ਨਿਰੰਤਰ ਕੰਮ ਕਰ ਰਹੀ ਹੈ |