ਪਠਾਨਕੋਟ, 26 ਫਰਵਰੀ (ਸੰਧੂ)-ਸ਼ਹਿਰ ਵਿਚ ਇੰਪਰੂਵਮੈਂਟ ਟਰੱਸਟ ਦੇ ਐਮ.ਆਈ.ਜੀ. ਫਲੈਟਾਂ ਦਾ ਦੌਰਾ ਕਰਨ ਪੁੱਜੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੌਰਭ ਬਹਿਲ ਨੇ ਅਧਿਕਾਰੀਆਂ ਦੀ ਇਕ ਟੀਮ ਨਾਲ ਸਹੂਲਤਾਂ ਦਾ ਡੂੰਘਾਈ ਨਾਲ ਨਿਰੀਖਣ ਕੀਤਾ | ਉਨ੍ਹਾਂ ਇਮਾਰਤਾਂ ਦੀ ਸਥਿਤੀ, ਸੀਵਰੇਜ ਸਿਸਟਮ, ਸੈਨੀਟੇਸ਼ਨ, ਪੀਣ ਵਾਲੇ ਪਾਣੀ, ਬਿਜਲੀ ਸਪਲਾਈ ਤੇ ਹੋਰ ਬੁਨਿਆਦੀ ਸਹੂਲਤਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ | ਉਨ੍ਹਾਂ ਫਲੈਟਾਂ 'ਚ ਰਹਿਣ ਵਾਲੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ | ਨਿਰੀਖਣ ਦੌਰਾਨ ਚੇਅਰਮੈਨ ਸੌਰਭ ਬਹਿਲ ਨੇ ਮੌਜੂਦ ਅਧਿਕਾਰੀਆਂ ਨੂੰ ਮੁਰੰਮਤ ਤੇ ਨਵੀਨੀਕਰਨ ਦੀ ਲੋੜ ਵਾਲੇ ਖੇਤਰਾਂ 'ਤੇ ਤੁਰੰਤ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਸਪੱਸ਼ਟ ਕੀਤਾ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਸਾਰਾ ਕੰਮ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਐਮ.ਆਈ.ਜੀ. ਫਲੈਟਾਂ 'ਚ ਰਹਿਣ ਵਾਲੇ ਪਰਿਵਾਰਾਂ ਨੂੰ ਇਕ ਬਿਹਤਰ ਤੇ ਸੁਰੱਖਿਅਤ ਵਾਤਾਵਰਨ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ | ਸੌਰਭ ਬਹਿਲ ਨੇ ਕਿਹਾ ਕਿ ਹਰ ਨਾਗਰਿਕ ਨੂੰ ਸਾਫ਼, ਸੁਰੱਖਿਅਤ ਤੇ ਆਧੁਨਿਕ ਰਹਿਣ-ਸਹਿਣ ਵਾਲਾ ਵਾਤਾਵਰਨ ਮਿਲਣ ਦਾ ਹੱਕ ਹੈ | ਸਥਾਨਕ ਨਿਵਾਸੀਆਂ ਨੇ ਚੇਅਰਮੈਨ ਸੌਰਭ ਬਹਿਲ ਦੇ ਇਸ ਉਪਰਾਲੇ ਦਾ ਸਵਾਗਤ ਕੀਤਾ ਤੇ ਉਮੀਦ ਪ੍ਰਗਟ ਕੀਤੀ ਕਿ ਲੰਬੇ ਸਮੇਂ ਤੋਂ ਚੱਲ ਰਹੇ ਮਸਲੇ ਜਲਦੀ ਹੱਲ ਹੋ ਜਾਣਗੇ ਅਤੇ ਫਲੈਟਾਂ ਦੀ ਹਾਲਤ 'ਚ ਜਲਦੀ ਹੀ ਸਕਾਰਾਤਮਿਕ ਬਦਲਾਅ ਦੇਖਣ ਨੂੰ ਮਿਲਣਗੇ |