ਪਠਾਨਕੋਟ, 26 ਫਰਵਰੀ (ਵਿਨੋਦ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਛਡਾਓ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਵਿਸ਼ਾਲ ਹੜਤਾਲ ਦਾ ਐਲਾਨ ਕੀਤਾ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨ ਭਾਵਨ ਸਿੰਘ ਨੇ ਦੱਸਿਆ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸਾਡੇ ਮੁਲਾਜ਼ਮ ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿਨ-ਰਾਤ 'ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਮੂਹਰਲੀ ਕਤਾਰ 'ਚ ਰਹਿ ਕੇ ਕੰਮ ਕਰ ਰਹੇ ਹਨ, ਅੱਜ ਖੁਦ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ | ਸਰਕਾਰ ਇਕ ਪਾਸੇ ਨਸ਼ਾ ਖਤਮ ਕਰਨ ਦੇ ਦਾਅਵੇ ਕਰਦੀ ਹੈ | ਪਰ ਦੂਜੇ ਪਾਸੇ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ | ਸਮੇਂ-ਸਮੇਂ ਸਿਰ ਸਰਕਾਰ ਦੇ ਨਾਲ ਮੀਟਿੰਗਾਂ ਹੋਈਆਂ ਪਰ ਬੇਸਿੱਟਾ ਰਹੀਆਂ | ਅਸੀਂ ਲੰਬੇ ਸਮੇਂ ਤੋਂ ਸਰਕਾਰ ਨੂੰ ਆਪਣੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾ ਰਹੇ ਹਾਂ, ਪਰ ਹਰ ਵਾਰ ਡੰਗ ਟਪਾਊ ਨੀਤੀ ਅਪਣਾਈ ਜਾਂਦੀ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਯੂਨੀਅਨ ਨੂੰ ਪੰਜ ਵਾਰ ਮੀਟਿੰਗ ਦਾ ਸਮਾਂ ਦੇਣ ਦੇ ਬਾਵਜੂਦ ਯੂਨੀਅਨ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਕੋਈ ਵੀ ਸੁਣਵਾਈ ਨਾ ਹੋਣ ਕਾਰਨ ਹੁਣ ਸਾਨੂੰ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ | ਉਨ੍ਹਾਂ ਦੱਸਿਆ ਕਿ 5 ਮਾਰਚ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਹੜਤਾਲ ਪੰਜਾਬ ਪ੍ਰਧਾਨ ਪਰਮਿੰਦਰ ਸਿੰਘ ਅਗਵਾਈ 'ਚ ਕੀਤੀ ਜਾਵੇਗੀ ਤੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗਰਾਉਂਡ ਪੱਧਰ 'ਤੇ ਹੋ ਰਹੇ ਮੁਲਾਜ਼ਮਾਂ ਦੇ ਸ਼ੋਸ਼ਣ ਬਾਰੇ ਜਨਤਾ ਨੂੰ ਜਾਣੂ ਕਰਵਾਇਆ ਜਾਵੇਗਾ | ਸਾਡੀ ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ | ਅਸੀਂ ਮੀਡੀਆ ਰਾਹੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਹੱਕਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਜਲਦ ਮੁਲਾਜ਼ਮਾਂ ਦਾ 12 ਫੀਸਦੀ ਬਕਾਇਆ ਜਾਰੀ ਕੀਤਾ ਜਾਵੇ |