ਦੀਨਾਨਗਰ, 2 ਮਾਰਚ (ਸ਼ਾਮ ਸਿੰਘ ਘੁੰਮਣ)- ਸ਼ਹੀਦ ਸੈਨਿਕ ਪਰਿਵਾਰਾਂ ਦੇ ਹੱਕਾਂ ਲਈ ਪਿਛਲੇ ਲੰਮੇ ਸਮੇਂ ਤੋਂ ਲੜਾਈ ਲੜ ਰਹੇ ਕੁੰਵਰ ਰਵਿੰਦਰ ਸਿੰਘ ਵਿੱਕੀ ਦਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਦੀਨਾਨਗਰ ਵਿਖੇ ਸੈਣੀ ਸਮਾਜ ਦੇ ਇਕ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ | ਕੁੰਵਰ ਰਵਿੰਦਰ ਵਿੱਕੀ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਹਨ ਤੇ ਪ੍ਰੀਸ਼ਦ ਰਾਹੀਂ ਪਿਛਲੇ ਕਰੀਬ 30 ਸਾਲਾਂ ਤੋਂ ਦੇਸ਼ ਲਈ ਸ਼ਹਾਦਤਾਂ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੇ ਹੱਕਾਂ ਦੀ ਲੜਾਈ ਲੜ ਰਹੇ ਹਨ | ਇਸ ਮੌਕੇ ਕੁੰਵਰ ਰਵਿੰਦਰ ਵਿੱਕੀ ਨੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਦੇਸ਼ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਸੇਵਾ ਕਰਕੇ ਉਨ੍ਹਾਂ ਦੇ ਮਨ ਨੂੰ ਬੇਹੱਦ ਖ਼ੁਸ਼ੀ ਮਿਲਦੀ ਹੈ | ਕੁੰਵਰ ਵਿੱਕੀ ਨੇ ਦੱਸਿਆ ਕਿ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇਸ਼ ਦੀ ਪਹਿਲੀ ਅਜਿਹੀ ਪ੍ਰੀਸ਼ਦ ਹੈ ਜਿਸ ਨੂੰ ਭਾਰਤੀ ਫ਼ੌਜ ਵਲੋਂ ਵੀ ਸਨਮਾਨ ਦਿੱਤਾ ਜਾ ਚੁੱਕਾ ਹੈ | ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕਈ ਹੋਰ ਵਿਸ਼ੇਸ਼ ਸਨਮਾਨਾਂ ਦੇ ਇਲਾਵਾ ਆਰਮੀ ਕਮਾਂਡਰ ਵਲੋਂ ਕਮਡੇਸ਼ਨ ਕਾਰਡ ਨਾਲ ਸਨਮਾਨਿਤ ਕਰਨ, ਐਟ ਹੋਮ ਪ੍ਰੋਗਰਾਮ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸਨਮਾਨ ਦਿੱਤੇ ਜਾਣ ਤੇ ਗਣਤੰਤਰ ਦਿਹਾੜੇ ਮੌਕੇ ਸਟੇਟ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ |