ਪਠਾਨਕੋਟ, 3 ਮਾਰਚ (ਆਸ਼ੀਸ਼ ਸ਼ਰਮਾ)-ਪਠਾਨਕੋਟ ਪੁਲਿਸ ਨੇ ਹੋਲੀ ਦੇ ਤਿਉਹਾਰ ਨੂੰ ਸ਼ਾਂਤੀ ਪੂਰਵਕ ਅਤੇ ਸੁਚੱਜੇ ਢੰਗ ਨਾਲ ਮਨਾਉਣ ਲਈ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਹਨ | ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ | ਡੀ.ਐਸ.ਪੀ. ਸਿਟੀ ਜਗਦੀਸ਼ ਰਾਜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਬਾਜ਼ਾਰਾਂ, ਭੀੜ-ਭਾੜ ਵਾਲੇ ਇਲਾਕਿਆਂ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਹੋਲੀ ਦੌਰਾਨ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਾਨੀਟਰਿੰਗ ਤੇਜ਼ ਕੀਤੀ ਜਾਵੇਗੀ ਅਤੇ ਮੋਟਰਸਾਈਕਲ ਪੈਟਰੋਲਿੰਗ ਵੀ ਵਧਾਈ ਜਾਵੇਗੀ | ਨਸ਼ੇ ਦੀ ਹਾਲਤ ਵਿਚ ਵਾਹਨ ਚਲਾਉਣ ਵਾਲਿਆਂ ਅਤੇ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਡੀ.ਐਸ.ਪੀ. ਨੇ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸੰਦੇਹਜਨਕ ਗਤੀਵਿਧੀ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ |