ਘਰੋਟਾ, 7 ਮਾਰਚ (ਸੰਜੀਵ ਗੁਪਤਾ)- ਪਿੰਡ ਨੌਸ਼ਹਿਰਾ ਨਲਬੰਦਾ ਦੇ ਵਾਰਡ ਨੰਬਰ 1 ਵਿਖੇ ਪੀਣ ਵਾਲੇ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਪੰਚਾਇਤ ਵਲੋਂ ਨਵਾਂ ਬੋਰ ਕਰਵਾਇਆ ਗਿਆ ਹੈ | ਇਸ ਸਬੰਧੀ ਸਰਪੰਚ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 1 ਵਿਚ ਆਬਾਦੀ ਕਾਫੀ ਵੱਧ ਹੋਣ ਕਾਰਨ ਪਹਿਲਾਂ ਲੱਗਾ ਇਕ ਬੋਰ ਸਾਰੇ ਇਲਾਕੇ ਦੀ ਲੋੜ ਪੂਰੀ ਨਹੀਂ ਕਰ ਸਕਦਾ ਸੀ ਤੇ ਗਰਮੀਆਂ ਦੇ ਦਿਨਾਂ ਵਿਚ ਪਾਣੀ ਦੀ ਕਮੀ ਹੋਰ ਵੀ ਵੱਧ ਜਾਂਦੀ ਹੈ ਤੇ ਕਈ ਘਰਾਂ ਤੱਕ ਪਾਣੀ ਪੂਰੀ ਤਰ੍ਹਾਂ ਨਹੀਂ ਪਹੁੰਚਦਾ ਸੀ | ਇਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਜਿਸ ਨੰੂ ਲੈ ਕੇ ਪੰਚਾਇਤ ਵਲੋਂ ਲੋਕਾਂ ਦੀ ਇਸ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਨਵਾਂ ਬੋਰ ਕਰਵਾ ਦਿੱਤਾ ਗਿਆ ਹੈ ਤਾਂ ਜੋ ਵਾਰਡ ਦੇ ਲੋਕਾਂ ਨੂੰ ਸਾਫ਼ ਤੇ ਸ਼ੁੱਧ ਪੀਣ ਵਾਲਾ ਪਾਣੀ ਮਿਲ ਸਕੇ | ਉਨ੍ਹਾਂ ਕਿਹਾ ਕਿ ਜਿਨ੍ਹਾਂ ਘਰਾਂ ਤੱਕ ਪਹਿਲਾਂ ਪਾਣੀ ਨਹੀਂ ਪਹੁੰਚਦਾ ਸੀ ਉੱਥੇ ਵੀ ਹੁਣ ਪਾਣੀ ਦੀ ਸਹੂਲਤ ਉਪਲਬਧ ਹੋ ਸਕੇਗੀ | ਉਨ੍ਹਾਂ ਕਿਹਾ ਕਿ ਪੰਚਾਇਤ ਵਲੋਂ ਪਿੰਡ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ |