ਨਰੋਟ ਮਹਿਰਾ, 7 ਮਾਰਚ (ਰਾਜ ਕੁਮਾਰੀ)- ਮਲਿਕਪੁਰ ਰੋਡ 'ਤੇ ਬੀਤੀ ਰਾਤ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਮਲਿਕਪੁਰ ਨੇੜੇ ਇਕ ਸਕਾਰਪੀਓ ਗੱਡੀ ਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋ ਗਈ | ਟੱਕਰ ਇਨ੍ਹੀਂ ਜ਼ੋਰਦਾਰ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪਠਾਨਕੋਟ ਪਹੁੰਚਾਇਆ ਜਿਥੇ ਡਾਕਟਰਾਂ ਦੀ ਟੀਮ ਨੇ ਉਸ ਦਾ ਇਲਾਜ ਸ਼ੁਰੂ ਕੀਤਾ ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ | ਸਿਵਲ ਹਸਪਤਾਲ ਵਿਖੇ ਇਲਾਜ ਕਰਨ ਵਾਲੇ ਡਾ: ਨਿਤੀਸ਼ ਭੋਗਲ ਨੇ ਦੱਸਿਆ ਕਿ ਬੀਤੀ ਰਾਤ ਇਕ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ | ਮਿ੍ਤਕ ਨੌਜਵਾਨ ਦੀ ਪਹਿਚਾਣ ਨਿਤਿਨ ਕੁਮਾਰ (30) ਵਜੋਂ ਹੋਈ ਹੈ ਜੋ ਭੋਏ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ | ਫ਼ਿਲਹਾਲ ਨਿਤਿਨ ਕੁਮਾਰ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ |