ਪਠਾਨਕੋਟ , 10 ਮਾਰਚ (ਵਿਨੋਦ)-ਖ਼ੁਰਾਕ ਸੁਰੱਖਿਆ ਦੇ ਲਾਭ ਤੇਜ਼ੀ ਨਾਲ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਖ਼ੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਲੋਂ ਵਾਜਬ ਮੁੱਲ ਦੀਆਂ ਦੁਕਾਨਾਂ (ਫੇਅਰ ਪ੍ਰਾਈਸ ਸ਼ਾਪ) ਅਲਾਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਖ਼ੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਵਿਧਾਨ ਸਭਾ ਵਿਖੇ ਦੱਸਿਆ ਕਿ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀਜ਼.) ਵਲੋਂ ਫੇਅਰ ਪ੍ਰਾਈਸ ਸ਼ਾਪਸ ਦੀ ਅਲਾਟਮੈਂਟ ਲਈ ਚਾਹਵਾਨ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ | ਮੰਤਰੀ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿਚ 8291 ਅਤੇ ਸ਼ਹਿਰੀ ਖੇਤਰਾਂ ਵਿਚ 1686 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ | ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਹੁਣ ਤੱਕ ਕੁੱਲ 7876 ਵਿਅਕਤੀਆਂ ਵਲੋਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ | ਇਹ ਪ੍ਰਕਿਰਿਆ ਸੰਭਾਵਿਤ ਤੌਰ 'ਤੇ ਅਗਲੇ ਦੋ ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗੀ ਅਤੇ ਇਸ ਤੋਂ ਬਾਅਦ 7500 ਰਾਸ਼ਨ ਡਿਪੂ ਅਲਾਟ ਕੀਤੇ ਜਾਣਗੇ | ਇਸ ਅਹਿਮ ਪਹਿਲਕਦਮੀ ਨਾਲ ਦੋਹਰੇ ਉਦੇਸ਼ਾਂ ਦੀ ਪੂਰਤੀ ਹੋਵੇਗੀ | ਪਹਿਲਾ ਇਹ ਖ਼ੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਏਗੀ ਅਤੇ ਦੂਜਾ ਇਹ ਸੂਬੇ ਦੇ ਲੋਕਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰੇਗੀ |