ਸ੍ਰੀ ਹਰਿਗੋਬਿੰਦਪੁਰ, 10 ਮਾਰਚ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਸਰਕਾਰ ਦੇ ਵਿਧਾਇਕ ਐਡਵੋਕਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਹਲਕਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿਹਾ ਕਿ ਬੀਤੇ ਦਿਨ ਜੋ 'ਆਪ' ਸਰਕਾਰ ਵਲੋਂ ਵਿਧਾਨ ਸਭਾ ਦੇ 2026-27 ਦੇ ਬਜਟ ਇਜਲਾਸ ਦੌਰਾਨ ਪੰਜਾਬ ਦੀਆਂ ਹਰੇਕ ਵਰਗ ਨਾਲ ਸੰਬਧ ਰੱਖਣ ਵਾਲੀਆਂ ਔਰਤਾਂ ਲਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਹੈ | ਇਸ ਯੋਜਨਾ ਵਿਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਜਿਨ੍ਹਾਂ ਵਿਚ ਆਮ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀਆਂ ਨਾਲ ਸੰਬਧਤ ਔਰਤਾਂ ਨੂੰ 1500 ਰੁਪਏ ਸਰਕਾਰ ਵਲੋਂ ਦਿੱਤੇ ਜਾਣੇ ਹਨ | ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਿੱਧੀ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾਵੇਗੀ ਅਤੇ ਇਸ ਲਈ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਬੈਂਕ ਵਿਚ ਜਾ ਕਿ ਆਪਣੇ ਇਕੱਲਿਆਂ ਦੇ ਖਾਤੇ ਖੁਲਵਾਉਣ ਅਤੇ ਜੋ ਔਰਤਾਂ ਅਨੁਸੂਚਿਤ ਜਾਤੀ ਨਾਲ ਸੰਬਧ ਰੱਖਦੀਆਂ ਹਨ, ਉਹ ਔਰਤਾਂ ਆਪਣੇ ਐੱਸ.ਸੀ. ਸਰਟੀਫ਼ਿਕੇਟ ਜ਼ਰੂਰ ਬਣਾਉਣ ਤਾਂ ਹੀ ਉਨ੍ਹਾਂ ਦਾ ਖਾਤਿਆਂ ਵਿਚ 1500 ਰੁਪਏ ਪਾਏ ਜਾਣਗੇ | ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਚੋਣਾਂ ਤੋਂ ਪਹਿਲਾਂ ਔਰਤਾਂ ਨਾਲ ਵਾਅਦਾ ਕੀਤਾ ਗਿਆ ਸੀ, ਉਸ ਨੂੰ ਪੂਰਾ ਕਰਨ ਲਈ ਪੰਜਾਬ ਦੀਆਂ ਔਰਤਾਂ ਲਈ 1000-1500 ਰੁਪਏ ਦੇਣ ਦੀ ਯੋਜਨਾ ਸ਼ੁਰੂ ਕੀਤੀ ਹੈ | ਉਨ੍ਹਾਂ ਕਿਹਾ ਕਿ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਜਲਦੀ ਹੀ ਰਜ਼ਿਸਟ੍ਰੇਸ਼ਨ ਸ਼ੁਰੂ ਹੋਣ ਜਾ ਰਹੀ ਹੈ | ਇਸ ਲਈ ਲਾਭਪਾਤਰੀ ਮਹਿਲਾਵਾਂ ਆਪਣੇ ਲੋੜੀਂਦੇ ਦਸਤਾਵੇਜ ਪੂਰੇ ਕਰਕੇ ਰੱਖਣ ਤਾਂ ਕਿ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਵਿਧਾਇਕ ਅਮਰਪਾਲ ਸਿੰਘ ਨੇ ਸਰਕਾਰ ਦੇ ਇਸ ਕਦਮ ਨੂੰ ਸ਼ਾਲਾਘਾਯੋਗ ਦੱਸਿਆ ਅਤੇ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਔਰਤਾਂ ਵਿਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲਣ ਰਹੀ ਹੈ |