ਪਠਾਨਕੋਟ, 11 ਮਾਰਚ (ਸੰਧੂ)- ਆਮ ਆਦਮੀ ਪਾਰਟੀ ਦੇ ਪੰਜਾਬ ਉਪ ਪ੍ਰਧਾਨ ਅਤੇ ਰਾਜਪੂਤ ਕਲਿਆਣ ਬੋਰਡ ਦੇ ਚੇਅਰਮੈਨ ਸਵਰਨ ਸਲਾਰੀਆ ਵੱਲੋਂ ਅੱਜ ਡੀ.ਸੀ. ਦਫ਼ਤਰ, ਤਹਿਸੀਲ ਦਫ਼ਤਰ ਤੇ ਹੋਰ ਸਰਕਾਰੀ ਵਿਭਾਗਾਂ ਦਾ ਅਚਾਨਕ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਤਹਿਸੀਲ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਆਏ ਆਮ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਕੰਮਾਂ ਸੰਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ | ਸਵਰਨ ਸਲਾਰੀਆ ਨੇ ਲੋਕਾਂ ਨੂੰ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਭਾਗ ਵਿੱਚ ਕੋਈ ਅਧਿਕਾਰੀ ਜਾਂ ਸਟਾਫ ਮੈਂਬਰ ਉਨ੍ਹਾਂ ਦਾ ਕੰਮ ਕਰਨ ਵਿੱਚ ਟਾਲਮਟੋਲ ਕਰਦਾ ਹੈ ਤਾਂ ਉਹ ਤੁਰੰਤ ਉਨ੍ਹਾਂ ਨੂੰ ਜਾਣਕਾਰੀ ਦੇਣ | ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵੀ ਮੁਲਾਕਾਤ ਕਰਕੇ ਹਦਾਇਤ ਕੀਤੀ ਕਿ ਆਮ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਜਾਵੇ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਵਰਨ ਸਲਾਰੀਆ ਨੇ ਕਿਹਾ ਕਿ ਇਸ ਦੌਰੇ ਦੌਰਾਨ ਆਮ ਲੋਕਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਹੋ ਰਹੇ ਆਪਣੇ ਕੰਮਾਂ ਨੂੰ ਲੈ ਕੇ ਸੰਤੁਸ਼ਟੀ ਜਤਾਈ ਹੈ ਅਤੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਲੋਕਾਂ ਦੇ ਕੰਮਾਂ ਨੂੰ ਪਹਿਲ ਮਿਲ ਰਹੀ ਹੈ |