ਪਠਾਨਕੋਟ, 11 ਮਾਰਚ (ਵਿਨੋਦ)- ਔਰਤਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਐਚ.ਪੀ.ਵੀ. ਟੀਕਾਕਰਨ ਬਹੁਤ ਜ਼ਰੂਰੀ ਹੈ | ਸਿਵਲ ਸਰਜਨ ਡਾ: ਸੁਨੀਤਾ ਸ਼ਰਮਾ ਨੇ ਦੱਸਿਆ ਕਿ ਸਰਵਾਈਕਲ ਕੈਂਸਰ ਨੂੰ ਰੋਕਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਸੰਸਥਾਵਾਂ ਵਿਚ (ਮਨੁੱਖੀ ਪੈਪੀਲੋਮਾ ਵਾਇਰਸ) ਟੀਕਾਕਰਨ ਕੀਤਾ ਜਾ ਰਿਹਾ ਹੈ, ਜੋ ਔਰਤਾਂ ਨੂੰ ਇਸ ਗੰਭੀਰ ਬਿਮਾਰੀ ਤੋਂ ਬਚਾਉਂਦਾ ਹੈ | ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 28 ਫਰਵਰੀ ਨੂੰ ਸ਼ੁਰੂ ਹੋਈ ਸੀ ਤੇ 90 ਦਿਨਾਂ ਤੱਕ ਚੱਲੇਗੀ | ਇਸ ਸਮੇਂ ਦੌਰਾਨ ਐਤਵਾਰ ਤੇ ਛੁੱਟੀਆਂ ਨੂੰ ਛੱਡ ਕੇ ਇਹ ਟੀਕਾਕਰਨ ਪ੍ਰੋਗਰਾਮ 'ਚ ਸ਼ਾਮਿਲ ਕੀਤਾ ਜਾਵੇਗਾ ਤੇ ਨਿਯਮਿਤ ਤੌਰ 'ਤੇ ਲਗਾਇਆ ਜਾਵੇਗਾ | ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਇਸ ਟੀਕਾਕਰਨ ਪ੍ਰੋਗਰਾਮ ਤਹਿਤ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਗਾਰਡਾਸਿਲ-4 ਟੀਕਾ ਲਗਾਇਆ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਨੇੜਲੇ ਸਿਹਤ ਕੇਂਦਰਾਂ ਵਿਚ ਟੀਕਾਕਰਨ ਕਰਵਾਉਣ ਲਈ ਲੈ ਜਾਣ | ਡਾ: ਸ਼ਰਮਾ ਨੇ ਦੱਸਿਆ ਕਿ ਸਰਵਾਈਕਲ ਕੈਂਸਰ ਅÏਰਤਾਂ ਨੂੰ ਪ੍ਰਭਾਵਿਤ ਕਰਨ ਵਾਲੀ ਇਕ ਗੰਭੀਰ ਬਿਮਾਰੀ ਹੈ | ਉਨ੍ਹਾਂ ਦੱਸਿਆ ਕਿ ਇਹ ਟੀਕਾ ਸੁਰੱਖਿਅਤ ਹੈ ਅਤੇ ਬਿਮਾਰੀ ਤੋਂ ਲਗਪਗ 99 ਪ੍ਰਤੀਸ਼ਤ ਸੁਰੱਖਿਆ ਪ੍ਰਦਾਨ ਕਰਦਾ ਹੈ | ਉਨ੍ਹਾਂ ਦੱਸਿਆ ਕਿ ਟੀਕਾਕਰਨ ਇਸ ਬਿਮਾਰੀ ਦੇ ਜੋਖ਼ਮ ਨੂੰ ਕਾਫ਼ੀ ਹੱਦ ਤੱਕ ਘਟਾ ਸਕਦਾ ਹੈ |