ਪਠਾਨਕੋਟ, 11 ਮਾਰਚ (ਸੁਮਿਤ)- ਪੰਜਾਬ ਸੁਬਾਰਡੀਨੇਟ ਸਰਵਿਸ ਇੰਪਲਾਈਜ਼ ਫੋਰਮ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦਾ ਪੁਤਲਾ ਫ਼ੂਕ ਕੇ ਆਪਣਾ ਗੁੱਸਾ ਜ਼ਾਹਿਰ ਕੀਤਾ | ਇਹ ਪ੍ਰਦਰਸ਼ਨ ਫੋਰਮ ਦੇ ਪ੍ਰਧਾਨ ਰਜਿੰਦਰ ਮਿਨਹਾਸ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਹਿੱਸਾ ਲਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਫੋਰਮ ਦੇ ਆਗੂ ਰਜਿੰਦਰ ਧੀਮਾਨ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਮੁਲਾਜ਼ਮ ਆਪਣੇ ਹੱਕਾਂ ਤੇ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਨੇ ਦੱਸਿਆ ਕਿ ਮੁਲਾਜ਼ਮ ਯੂਨੀਅਨਾਂ ਵਲੋਂ ਕਈ ਵਾਰ ਮੰਗ ਪੱਤਰ ਦਿੱਤੇ ਗਏ ਤੇ ਮੀਟਿੰਗਾਂ ਦੀ ਮੰਗ ਕੀਤੀ ਗਈ, ਪਰ ਹੁਣ ਤੱਕ ਸਰਕਾਰ ਵਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ | ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ ਜਿਸ ਕਾਰਨ ਮੁਲਾਜ਼ਮਾਂ ਵਿਚ ਨਿਰਾਸ਼ਾ ਵਧਦੀ ਜਾ ਰਹੀ ਹੈ | ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਜਲਦੀ ਹੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨ ਕੇ ਉਨ੍ਹਾਂ ਦਾ ਹੱਲ ਨਹੀਂ ਕਰਦੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੱਡੇ ਪੱਧਰ 'ਤੇ ਅੰਦੋਲਨ ਕੀਤੇ ਜਾਣਗੇ ਤੇ ਸਰਕਾਰ ਨੂੰ ਆਪਣਾ ਵਾਅਦਾ ਯਾਦ ਕਰਵਾਇਆ ਜਾਵੇਗਾ |