ਗੁਰਦਾਸਪੁਰ, 11 ਮਾਰਚ (ਅਸ਼ੋਕ ਸ਼ਰਮਾ)- ਪੰਜਾਬ ਸਰਕਾਰ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 1000 ਰੁਪਏ ਦੀ ਗਰੰਟੀ ਪ੍ਰਦਾਨ ਕਰਕੇ ਰਾਜ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਲਈ ਮਹੱਤਵਪੂਰਨ ਫ਼ੈਸਲਾ ਲਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਂਵਾ ਬੀ.ਸੀ. ਵਿੰਗ ਦੇ ਸੰਯੁਕਤ ਸਕੱਤਰ ਅਤੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਪਵਨ ਕੁਮਾਰ ਨੇ ਕੀਤਾ | ਪਵਨ ਕੁਮਾਰ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਲਈ ਬਹੁਤ ਫ਼ਾਇਦੇਮੰਦ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ, ਜਦੋਂ ਕੋਈ ਸਰਕਾਰ ਆਪਣੇ ਕਾਰਜਕਾਲ ਦੇ ਰਹਿੰਦੇ ਸਮੇਂ ਦੌਰਾਨ ਸਾਰੇ ਵਾਅਦੇ ਤੇ ਗਰੰਟੀਆਂ ਨੂੰ ਪੂਰਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਆਪ ਦਾ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਹੁਣ ਸਾਕਾਰ ਹੋ ਰਿਹਾ ਹੈ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤਹਿਤ ਹਰ ਵਰਗ ਖੁਸ਼ ਦਿਖਾਈ ਦਿੰਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਵਰਕਰਾਂ ਨੇ ਘਰ-ਘਰ ਜਾ ਕੇ ਗਾਰੰਟੀ ਫਾਰਮ ਭਰੇ ਸਨ ਜਿਸ ਨੂੰ ਪੰਜਾਬ ਸਰਕਾਰ ਨੇ ਪੂਰਾ ਕੀਤਾ ਹੈ ਜਿਸ ਨਾਲ ਵਰਕਰਾਂ ਦਾ ਸਨਮਾਨ ਵਧਿਆ ਹੈ | ਇਸ ਤੋਂ ਪਹਿਲਾਂ ਸਰਕਾਰ ਨੇ ਦੱਸ ਲੱਖ ਰੁਪਏ ਦੇ ਸਿਹਤ ਕਾਰਡ ਜਾਰੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਹੈ |