ਬਟਾਲਾ, 12 ਮਾਰਚ (ਸਤਿੰਦਰ ਸਿੰਘ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂਆਂ ਵਿਖੇ ਰਾਜ ਪੱਧਰੀ ਯੂਥ ਲੀਡਰਸ਼ਿਪ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਪੰਜਾਬ ਭਰ ਵਿਚੋਂ ਚੁਣੇ ਗਏ ਰੈੱਡ ਰਿਬਨ ਕਲੱਬਾਂ ਦੇ ਬਿਹਤਰ ਪ੍ਰੋਗਰਾਮ ਅਫ਼ਸਰਾਂ ਅਤੇ ਵਲੰਟੀਅਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿਚੋਂ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰੈਡ ਰਿਬਨ ਕਲੱਬ ਦੇ ਪ੍ਰੋਗਰਾਮ ਅਫ਼ਸਰ ਤੇਜਪ੍ਰਤਾਪ ਸਿੰਘ ਕਾਹਲੋਂ ਨੂੰ ਬੈਸਟ ਪ੍ਰੋਗਰਾਮ ਅਫ਼ਸਰ ਦੇ ਸਨਮਾਨ ਨਾਲ ਨਿਵਾਜਿਆ ਗਿਆ, ਜਦਕਿ ਕਾਲਜ ਦੇ ਵਿਦਿਆਰਥੀ ਗੁਰਤੇਗ ਸਿੰਘ ਨੂੰ ਉਸ ਦੀਆਂ ਸਮਾਜਿਕ ਸਰਗਰਮੀਆਂ ਅਤੇ ਜਾਗਰੂਕਤਾ ਮੁਹਿੰਮਾਂ ਵਿਚ ਯੋਗਦਾਨ ਲਈ ਬੈਸਟ ਵਲੰਟੀਅਰ ਵਜੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਕਿਹਾ ਕਿ ਪ੍ਰੋਗਰਾਮ ਅਫ਼ਸਰ ਤੇਜਪ੍ਰਤਾਪ ਸਿੰਘ ਕਾਹਲੋਂ ਵਲੋਂ ਪਿਛਲੇ ਕਈ ਦਹਾਕਿਆਂ ਤੋਂ ਨੌਜਵਾਨਾਂ ਦੀ ਭਲਾਈ ਅਤੇ ਸਮਾਜਿਕ ਜਾਗਰੂਕਤਾ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਹੁਤ ਹੀ ਸਰਾਹਣਯੋਗ ਹਨ | ਇਸ ਮੌਕੇ ਸ: ਤੇਜਪ੍ਰਤਾਪ ਸਿੰਘ ਕਾਹਲੋਂ ਨੇ ਕਿਹਾ ਕਿ ਸਰਕਾਰ ਵਲੋਂ ਮਿਲੇ ਇਸ ਸਨਮਾਨ ਨਾਲ ਉਨ੍ਹਾਂ ਨੂੰ ਵੱਡਾ ਹੌਂਸਲਾ ਪ੍ਰਾਪਤ ਹੋਇਆ ਹੈ ਅਤੇ ਇਸ ਦੇ ਸਦਕਾ ਉਹ ਆਉਣ ਵਾਲੇ ਸਮੇਂ ਵਿਚ ਨੌਜਵਾਨਾਂ ਅਤੇ ਕਾਲਜ ਦੀ ਭਲਾਈ ਲਈ ਹੋਰ ਵੱਧ ਉਪਰਾਲੇ ਕਰਨਗੇ |