ਪਠਾਨਕੋਟ, 12 ਮਾਰਚ (ਸੰਧੂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਬਰਾਂਚ ਪਠਾਨਕੋਟ ਜ਼ਿਲ੍ਹਾ ਪਠਾਨਕੋਟ ਬਰਾਂਚ ਪ੍ਰਧਾਨ ਸੁਖਜਿੰਦਰ ਸਿੰਘ ਨੇ ਅੱਜ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ-2022 ਸਮੇਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਇਨਲਿਸਮੈਂਟ/ਆਊਟਸੋਰਸ ਠੇਕਾ ਮੁਲਾਜ਼ਮਾਂ ਦਾ ਪੱਕਾ ਰੁਜ਼ਗਾਰ ਕਰਨ ਵਾਲਾ ਵਾਅਦਾ ਪੂਰਾ ਕਰਨ ਦੀ ਬਜਾਏ ਬੀਤੇ 4 ਸਾਲਾਂ ਤੋਂ ਸਿਰਫ਼ ਲਾਰਿਆਂ ਵਿਚ ਰੱਖਣ ਦੇ ਰੋਸ ਵਜੋਂ ਆਪਣੇ ਕੱਚੇ-ਪਿੱਲੇ ਰੁਜ਼ਗਾਰ ਨੂੰ ਪੱਕਾ ਰੁਜ਼ਗਾਰ ਕਰਨ ਦੀ ਮੰਗ ਲਈ ਅਤੇ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕਰਨ ਵਾਲੀਆਂ ਮਾਰੂ ਨੀਤੀਆਂ ਲਾਗੂ ਕਰਨ ਲਈ ਬਜ਼ਿਦ ਪੰਜਾਬ ਸਰਕਾਰ ਵਿਰੁੱਧ 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ' ਦੇ ਪਲੇਟਫ਼ਾਰਮ ਤੋਂ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਠੇਕਾ ਮੁਲਾਜ਼ਮਾਂ ਵਲੋਂ ਮਿਤੀ 22 ਮਾਰਚ 2026 ਤੋਂ 5 ਅਪ੍ਰੈਲ 2026 ਤੱਕ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸੈਂਬਲੀ ਹਲਕੇ ਦਿੜ੍ਹਬਾ ਦੇ ਪਿੰਡਾਂ ਵਿਚ ਲਗਾਤਾਰ ਝੰਡਾ ਮਾਰਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸੰਘਰਸ਼ ਪ੍ਰੋਗਰਾਮ ਨੂੰ ਪੁਰਅਮਨ ਢੰਗ ਨਾਲ ਲਾਗੂ ਕਰਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜ਼ਮਾਂ ਵਲੋਂ ਮਿਤੀ 26, 27 ਅਤੇ 28 ਮਾਰਚ 2026 ਨੂੰ ਲਗਾਤਾਰ 3 ਦਿਨ ਝੰਡਾ ਮਾਰਚ ਪ੍ਰਦਰਸ਼ਨ ਕੀਤਾ ਜਾਵੇਗਾ |