ਪਠਾਨਕੋਟ, 12 ਮਾਰਚ (ਆਸ਼ੀਸ਼ ਸ਼ਰਮਾ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਪਠਾਨਕੋਟ ਦੀ ਡਿਫੈਂਸ ਕਾਲੋਨੀ ਵਾਸੀਆਂ ਦੇ ਹੱਕ ਵਿਚ ਨਿੱਤਰ ਆਏ ਹਨ | ਉਨ੍ਹਾਂ ਰੇਲਵੇ ਵਿਭਾਗ ਵਲੋਂ ਕਾਲੋਨੀ ਦਾ ਰਸਤਾ ਬੰਦ ਕਰਨ ਦੇ ਫ਼ੈਸਲੇ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਅਜਿਹਾ ਫ਼ੈਸਲਾ ਕਰਾਰ ਦਿੱਤਾ ਹੈ, ਜਿਸ ਦਾ ਸਿੱਧਾ ਅਸਰ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ 'ਤੇ ਪੈਂਦਾ ਹੈ | ਦਿਨੇਸ਼ ਸਿੰਘ ਬੱਬੂ ਨੇ ਦੱਸਿਆ ਕਿ ਪਿਛਲੇ 50 ਸਾਲਾਂ ਤੋਂ ਇਹ ਸੜਕ ਡਿਫੈਂਸ ਕਾਲੋਨੀ ਵਾਸੀਆਂ ਲਈ ਆਵਾਜਾਈ ਦਾ ਇਕੋ-ਇਕ ਸਾਧਨ ਬਣੀ ਹੋਈ ਹੈ | ਇਸ ਰਸਤੇ ਰਾਹੀਂ ਹੀ ਬਸਤੀ ਦੇ ਲੋਕ ਆਪਣੇ ਕੰਮ-ਕਾਰ, ਸਕੂਲ, ਬਾਜ਼ਾਰ ਅਤੇ ਹੋਰ ਜ਼ਰੂਰੀ ਥਾਵਾਂ 'ਤੇ ਪਹੁੰਚਦੇ ਹਨ | ਅਜਿਹੇ 'ਚ ਜੇਕਰ ਰੇਲਵੇ ਵਿਭਾਗ ਇਸ ਮਾਰਗ ਨੂੰ ਬੰਦ ਕਰ ਦਿੰਦਾ ਹੈ, ਤਾਂ ਹਜ਼ਾਰਾਂ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ | ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕਾਲੋਨੀ ਦੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਸੜਕ ਨੂੰ ਕਿਸੇ ਵੀ ਹਾਲਤ ਵਿਚ ਬੰਦ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੜਕ ਦਾ ਮਸਲਾ ਨਹੀਂ, ਸਗੋਂ ਸਥਾਨਿਕ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਉਨ੍ਹਾਂ ਦੇ ਹੱਕਾਂ ਨਾਲ ਜੁੜਿਆ ਮਾਮਲਾ ਹੈ | ਭਾਜਪਾ ਆਗੂ ਨੇ ਕਿਹਾ ਕਿ ਉਹ ਜਲਦੀ ਹੀ ਇਸ ਮਾਮਲੇ ਸਬੰਧੀ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਕਾਲੋਨੀ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣਗੇ | ਉਨ੍ਹਾਂ ਆਸ ਪ੍ਰਗਟਾਈ ਕਿ ਰੇਲਵੇ ਵਿਭਾਗ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰੇਗਾ | ਬੱਬੂ ਨੇ ਇਹ ਵੀ ਕਿਹਾ ਕਿ ਜੇਕਰ ਅਧਿਕਾਰੀ ਪੱਧਰ 'ਤੇ ਕੋਈ ਹੱਲ ਨਾ ਨਿਕਲਿਆ ਤਾਂ ਉਹ ਇਹ ਮੁੱਦਾ ਕੇਂਦਰ ਸਰਕਾਰ ਕੋਲ ਵੀ ਉਠਾਉਣਗੇ | ਜੇਕਰ ਲੋੜ ਪਈ ਤਾਂ ਉਹ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਤੋਂ ਵੀ ਦਖ਼ਲ ਦੇਣ ਦੀ ਮੰਗ ਕਰਨਗੇ ਤਾਂ ਜੋ ਕਾਲੋਨੀ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਭਰੋਸਾ ਦਿੱਤਾ ਕਿ ਉਹ ਡਿਫੈਂਸ ਕਾਲੋਨੀ ਵਾਸੀਆਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰਨਗੇ |