ਪਠਾਨਕੋਟ, 28 ਮਾਰਚ (ਸੁਮਿਤ)-ਪਠਾਨਕੋਟ ਵਿਖੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਚੁੱਕਦਿਆਂ ਸ਼ਹਿਰ ਵਿਚ 6ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਲੋਕ ਨਿਰਮਾਣ ਵਿਭਾਗ ਦੀ ਇਮਾਰਤ ਵਿਚ ਕਰਵਾਏ ਪ੍ਰੋਗਰਾਮ ਦੌਰਾਨ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਸਥਾਨਿਕ ਲੋਕ ਅਤੇ ਸਿਹਤ ਅਧਿਕਾਰੀ ਹਾਜ਼ਰ ਸਨ | ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੰਤਰੀ ਲਾਲ ਚੰਦ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਆਮ ਲੋਕਾਂ ਨੂੰ ਬਿਹਤਰ ਅਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਪਠਾਨਕੋਟ ਦੇ ਲੋਕ ਨੇੜੇ ਹੀ ਮੁਫ਼ਤ ਇਲਾਜ, ਦਵਾਈਆਂ ਅਤੇ ਮੁੱਢਲੇ ਚੈੱਕਅਪ ਦੀਆਂ ਸਹੂਲਤਾਂ ਪ੍ਰਾਪਤ ਕਰ ਸਕਣਗੇ | ਉਨ੍ਹਾਂ ਕਿਹਾ ਕਿ ਸਰਕਾਰ ਸਿਹਤ ਖੇਤਰ ਵਿਚ ਲਗਾਤਾਰ ਸੁਧਾਰ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ | ਇਸ ਮੌਕੇ ਸਿਵਲ ਸਰਜਨ ਡਾ: ਸੁਨੀਤਾ ਸ਼ਰਮਾ ਅਤੇ ਐਸ.ਐਮ.ਓ ਡਾ: ਸੁਨੀਲ ਚੰਦ ਵੀ ਹਾਜ਼ਰ ਸਨ | ਡਾ: ਸੁਨੀਤਾ ਸ਼ਰਮਾ ਨੇ ਦੱਸਿਆ ਕਿ ਸਾਰੇ ਕਲੀਨਿਕਾਂ ਵਿਚ ਸਿਖਲਾਈ ਪ੍ਰਾਪਤ ਸਟਾਫ਼ ਤਾਇਨਾਤ ਕੀਤਾ ਹੈ ਅਤੇ ਮਰੀਜ਼ਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ | ਡਾ: ਸੁਨੀਲ ਚੰਦ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਆਮ ਲੋਕ ਸਮੇਂ ਸਿਰ ਇਲਾਜ ਕਰਵਾ ਸਕਣਗੇ, ਜਿਸ ਨਾਲ ਵੱਡੇ ਹਸਪਤਾਲਾਂ 'ਤੇ ਦਬਾਅ ਵੀ ਘੱਟ ਹੋਵੇਗਾ |