ਬਟਾਲਾ, 3 ਅਪ੍ਰੈਲ (ਸਤਿੰਦਰ ਸਿੰਘ)-ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਮੁੱਖ ਦਫ਼ਤਰ 'ਤੇ ਹੋਈ ਘਟਨਾ ਦੀ ਨਿੰਦਾ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਅਤੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਲੋਕਤੰਤਰਕ ਮਰਿਯਾਦਾਵਾਂ ਖ਼ਿਲਾਫ਼ ਹਨ ਅਤੇ ਅਮਨ-ਕਾਨੂੰਨ ਲਈ ਚੁਣੌਤੀ ਪੈਦਾ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦਫ਼ਤਰਾਂ ਜਾਂ ਰਾਜਨੀਤਿਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ | ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਕੇ ਦੋਸ਼ੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ | ਬੁੱਟਰ ਨੇ ਕਿਹਾ ਕਿ ਸ਼ਾਂਤੀ ਅਤੇ ਭਾਈਚਾਰਕ ਮਾਹੌਲ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਅਜਿਹੀਆਂ ਘਟਨਾਵਾਂ ਨਾਲ ਗਲਤ ਸੰਦੇਸ਼ ਜਾਂਦਾ ਹੈ | ਉਨ੍ਹਾਂ ਸਾਰੇ ਰਾਜਨੀਤਿਕ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਅਤੇ ਤਣਾਅ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਤੋਂ ਬਚਣ | ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕ ਅਫਵਾਹਾਂ ਤੋਂ ਦੂਰ ਰਹਿਣ ਅਤੇ ਕੇਵਲ ਪ੍ਰਮਾਣਿਕ ਜਾਣਕਾਰੀ 'ਤੇ ਹੀ ਭਰੋਸਾ ਕਰਨ | ਉਨ੍ਹਾਂ ਭਰੋਸਾ ਜਤਾਇਆ ਕਿ ਪ੍ਰਸ਼ਾਸਨ ਇਸ ਮਾਮਲੇ ਵਿਚ ਜ਼ਰੂਰੀ ਕਦਮ ਚੁੱਕੇਗਾ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ |