ਨਰੋਟ ਮਹਿਰਾ, 3 ਅਪ੍ਰੈਲ (ਰਾਜ ਕੁਮਾਰੀ)- ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਹੱਕ ਵਿਚ ਫ਼ਤਵਾ ਦੇਣਗੇ | ਇਸ ਗੱਲ ਦਾ ਪ੍ਰਗਟਾਵਾ ਜਥੇਦਾਰ ਗੁਰਮਿੰਦਰ ਸਿੰਘ ਚਾਵਲਾ ਪ੍ਰਧਾਨ ਅਕਾਲੀ ਦਲ ਵਾਰਸ ਪੰਜਾਬ ਦੇ, ਨੇ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਭਾਵੇਂ ਕਿ ਸਮੁੱਚੀਆਂ ਰਿਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਸੋਨੇ ਦੀ ਚਿੜੀ ਤੋਂ ਕੰਗਾਲੀ ਦੀ ਕਗਾਰ ਤੱਕ ਪਹੁੰਚਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਪਰ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਕੇ ਹੋਂਦ 'ਚ ਆਈ ਪਾਰਟੀ ਆਮ ਆਦਮੀ ਪਾਰਟੀ ਸੂਬੇ ਦੀ ਵਾਗਡੋਰ ਸਾਂਭਣ ਵਾਲੀ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦਾ ਅਵਾਮ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਤੇ ਸੂਬੇ ਦੀ ਵਾਗਡੋਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਸੌਂਪਣ ਲਈ ਉਤਾਵਲੀ ਹੈ |