ਬਟਾਲਾ, 7 ਅਪ੍ਰੈਲ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਲੀਡਰ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਬਟਾਲਾ ਦੇ ਇੰਚਾਰਜ ਨਰੇਸ਼ ਮਹਾਜਨ ਨੇ ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡ ਬੁੱਟਰ ਕਲਾਂ ਵਿਖੇ ਸਰੂਪ ਸਿੰਘ ਸਰਪੰਚ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਅਹਿਮ ਮੀਟਿੰਗ ਕੀਤੀ | ਇਸ ਮੌਕੇ ਸ੍ਰੀ ਨਰੇਸ਼ ਮਹਾਜਨ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸਮੁੱਚੀ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਮਾਨ ਨੂੰ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦਾ ਫੋਬੀਆ ਹੋ ਚੁੱਕਾ ਹੈ | ਇਨ੍ਹਾਂ ਨੂੰ ਸਿਵਾਏ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਭੰਡਣ ਤੋਂ ਇਲਾਵਾ ਕੁਝ ਵੀ ਦਿਖਾਈ ਨਹੀਂ ਦੇ ਰਿਹਾ | ਉਨ੍ਹਾਂ ਕਿਹਾ ਕਿ ਜਿਉਂ-ਜਿਉਂ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਤੇ ਤਗੜਾ ਹੋ ਰਿਹਾ ਹੈ, ਜਿਸ ਕਰ ਕੇ ਸਰਕਾਰ ਨੂੰ ਸਭ ਤੋਂ ਵੱਧ ਡਰ ਹੀ ਸ਼੍ਰੋਮਣੀ ਅਕਾਲੀ ਦਲ ਤੋਂ ਹੀ ਲੱਗ ਰਿਹਾ ਹੈ ਅਤੇ ਹੁਣ ਫਿਰ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਭੰਡਣ ਲਈ ਹਰ ਹੱਥਕੰਡਾ ਅਪਨਾ ਰਹੀ ਹੈ, ਪਰ ਝੂਠ ਬਾਰ-ਬਾਰ ਨਹੀਂ ਚਲਦਾ, ਇਹ ਆਮ ਆਦਮੀ ਪਾਰਟੀ ਨੂੰ ਚੰਗੀ ਤਰ੍ਹਾਂ ਜਾਣ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬੜੀ ਹੀ ਬੇਸਬਰੀ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਵੋਟਾਂ ਦੀ ਉਡੀਕ ਕਰ ਰਹੇ ਹਨ | ਇਸ ਮੌਕੇ ਸਹਿਜਪਾਲ ਸਿੰਘ ਗੁਰਾਇਆ, ਤਰਲੋਚਨ ਸਿੰਘ, ਸਰਵਣ ਸਿੰਘ, ਜੈਮਲ ਸਿੰਘ, ਹਰਪਾਲ ਸਿੰਘ, ਸੁਖਦੇਵ ਸਿੰਘ ਸੰਮੀ, ਸਰੂਪ ਸਿੰਘ, ਰਾਜਵਿੰਦਰ ਸਿੰਘ, ਪ੍ਰਕਾਸ਼ ਸਿੰਘ, ਅਮਰਜੀਤ ਸਿੰਘ, ਬਲਜੀਤ ਸਿੰਘ, ਸਿਮਰਨ, ਜੇ.ਪੀ. ਕੋਹਾੜ, ਚਮਕੌਰ ਸਿੰਘ, ਤਰਸੇਮ ਸਿੰਘ ਸੇਖਵਾਂ, ਬਲਵਿੰਦਰ ਸਿੰਘ, ਮਨਜੀਤ ਸਿੰਘ ਫੌਜੀ, ਅਭਿਨਵ ਖੋਖਰ, ਹਰਜੀਤ ਸਿੰਘ, ਗੁਰਮੇਲ ਸਿੰਘ, ਰਣਧੀਰ ਸਿੰਘ, ਮੁਖਤਿਆਰ ਸਿੰਘ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਸਰਦੂਲ ਸਿੰਘ, ਬਲਜੀਤ ਸਿੰਘ, ਚਮਕੌਰ ਸਿੰਘ, ਮੋਹਨ ਸਿੰਘ ਆਦਿ ਹਾਜ਼ਰ ਸਨ |