ਨੌਸ਼ਹਿਰਾ ਮੱਝਾ ਸਿੰਘ, 7 ਅਪ੍ਰੈਲ (ਰਵੀ ਭਗਤ)-ਸਥਾਨਕ ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਸੇਖਵਾਂ ਤੇ ਸੂਬਾ ਸਕੱਤਰ ਸੁੱਚਾ ਸਿੰਘ ਸੁਚੇਤਗੜ ਦੀ ਅਗੁਵਾਈ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਸੇਖਵਾਂ ਨੇ ਕਿਹਾ ਕਿ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਨੇ ਜਿਥੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ, ਉਥੇ ਸੂਬੇ ਅੰਦਰ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵੀ ਅਹਿਮ ਯੋਗਦਾਨ ਪਾਇਆ ਹੈ | ਸੂਬਾ ਸਕੱਤਰ ਸੁੱਚਾ ਸਿੰਘ ਸੁਚੇਤਗੜ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਵਰਗ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ 'ਚ ਪਾਰਟੀ ਬਹੁਮਤ ਹਾਸਲ ਕਰ ਕੇ ਸੱਤਾ 'ਤੇ ਕਾਬਜ਼ ਹੋਵੇਗੀ | ਇਸ ਮੌਕੇ ਅਜੀਤ ਸਿੰਘ ਡੱਲਾ ਅਕਾਲੀ ਆਗੂ, ਹਰਬੰਸ ਸਿੰਘ ਹੰਸਪਾਲ, ਹਰਪਾਲ ਸਿੰਘ ਵਿਰਕ, ਅਜੀਤ ਸਿੰਘ ਸੁਚੇਤਗੜ ਤੋਂ ਇਲਾਵਾ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ |