ਪਠਾਨਕੋਟ, 7 ਅਪ੍ਰੈਲ (ਸੁਮਿਤ)-ਗੁਰੂ ਨਾਭਾ ਦਾਸ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਉਤਸਵ ਮੌਕੇ ਸ਼ਹਿਰ ਵਿਚ ਬਹੁਤ ਸਤਿਕਾਰ ਅਤੇ ਉਤਸ਼ਾਹ ਨਾਲ ਇਕ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ | ਸ਼ੋਭਾ ਯਾਤਰਾ ਦੀ ਸ਼ੁਰੂਆਤ ਗੁਰਦੁਆਰੇ ਸਾਹਿਬ ਤੋਂ ਅਰਦਾਸ ਨਾਲ ਹੋਈ | ਜਿਸ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਰਸਤਿਆਂ ਤੋਂ ਲੰਘਦੇ ਹੋਏ ਸਜਾਈਆਂ ਹੋਈਆਂ ਝਾਕੀਆਂ, ਧਾਰਮਿਕ ਝੰਡੇ ਅਤੇ ਕੀਰਤਨ ਟੋਲੀਆਂ ਦਾ ਪ੍ਰਦਰਸ਼ਨ ਕੀਤਾ ਗਿਆ | ਵੱਖ-ਵੱਖ ਸਮਾਜਿਕ ਸੰਗਠਨਾਂ ਵਲੋਂ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਜਲਪਾਨ ਅਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਵਿਭੂਤੀ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਗੁਰੂ ਨਾਭਾ ਦਾਸ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਸਮਾਜ ਵਿਚ ਭਾਈਚਾਰੇ ਤੇ ਸੇਵਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ | ਵਿਭੂਤੀ ਸ਼ਰਮਾ ਨੇ ਪ੍ਰਕਾਸ਼ ਉਤਸਵ ਮੌਕੇ ਸ਼ਹਿਰ ਦੇ ਸਾਰੇ ਵਸਨੀਕਾਂ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਏਕਤਾ ਅਤੇ ਪਿਆਰ ਦਾ ਸੰਦੇਸ਼ ਦਿੰਦੇ ਹਨ | ਸਮਾਗਮ ਦੇ ਅੰਤ ਵਿਚ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਅਤੇ ਲੰਗਰ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਪ੍ਰਸ਼ਾਦ ਪ੍ਰਾਪਤ ਕੀਤਾ |