ਬਟਾਲਾ, 8 ਅਪ੍ਰੈਲ (ਸਤਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਹੇਠ ਹਰ ਵਰਗ ਦੇ ਹਿੱਤ ਵਿਚ ਲੋਕ ਭਲਾਈ ਨੀਤੀਆਂ ਲਾਗੂ ਗਈਆਂ ਹਨ ਤੇ ਪਿਛਲੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ | ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲਗਾਤਾਰ ਹਲਕੇ ਦੇ ਵਿਕਾਸ ਕੰਮਾਂ ਲਈ ਉਹ ਯਤਨਸ਼ੀਲ ਹਨ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ ਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਗਿਆ ਹੈ | ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ | ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ | ਇਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ | ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ | ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿਖੇ ਸ਼ਾਨਦਾਰ ਕਲਾਕ ਟਾਵਰ ਲਗਾਇਆ ਗਿਆ ਹੈ | ਸ਼ਹਿਰ ਦੀਆਂ ਵਾਰਡਾਂ ਵਿਚ ਗਲੀਆਂ ਦੇ ਨਿਰਮਾਣ ਕਾਰਜ ਚੱਲ ਰਹੇ ਹਨ ਤੇ ਜਿਨ੍ਹਾਂ ਵਾਰਡਾਂ ਵਿਚ ਗਲੀਆਂ ਬਣਾਉਣ ਦਾ ਕੰਮ ਰਹਿ ਗਿਆ ਹੈ, ਉਥੇ ਵੀ ਜਲਦ ਕੰਮ ਸ਼ੁਰੂ ਕਰਵਾਇਆ ਜਾਵੇਗਾ |