ਪਠਾਨਕੋਟ, 8 ਅਪ੍ਰੈਲ (ਸੁਮਿਤ)- ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਨੁਮਾਇੰਦਗੀ ਕਰ ਰਹੇ ਯੋਗੇਸ਼ ਠਾਕੁਰ ਨੇ ਸੂਬਾ ਸਰਕਾਰ ਦੇ ਕੰਮਕਾਜ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਗਰ ਨਿਗਮ ਚੋਣਾਂ ਕਰਵਾਉਣ ਵਿਚ ਅਸਮਰੱਥ ਜਾਪਦੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਸ਼ਕਤੀਆਂ ਵਾਪਸ ਲੈ ਕੇ ਸਰਕਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਸਥਾਨਕ ਸੰਸਥਾਵਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ 'ਚ ਅਸਫਲ ਰਹੀ ਹੈ | ਯੋਗੇਸ਼ ਠਾਕੁਰ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇੱਕ ਲੋਕਤੰਤਰੀ ਪ੍ਰਣਾਲੀ ਵਿੱਚ, ਸਮੇਂ ਸਿਰ ਚੋਣਾਂ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਪੰਜਾਬ ਸਰਕਾਰ ਇਸ ਫ਼ਰਜ਼ ਤੋਂ ਭੱਜਦੀ ਜਾਪਦੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਾ ਕਰਨਾ ਸਰਕਾਰ ਦੇ ਇਰਾਦਿਆਂ 'ਤੇ ਸਵਾਲ ਖੜ੍ਹੇ ਕਰਦਾ ਹੈ | ਭਾਜਪਾ ਬੁਲਾਰੇ ਨੇ ਮੰਗ ਕੀਤੀ ਕਿ ਸਰਕਾਰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦੀ ਤੋਂ ਜਲਦੀ ਕਰੇ ਤਾਂ ਜੋ ਲੋਕਤੰਤਰੀ ਪ੍ਰਕਿਰਿਆ ਨੂੰ ਬਹਾਲ ਕੀਤਾ ਜਾ ਸਕੇ ਤੇ ਸਥਾਨਕ ਸੰਸਥਾਵਾਂ ਆਪਣਾ ਅਧਿਕਾਰ ਵਾਪਸ ਪ੍ਰਾਪਤ ਕਰ ਸਕਣ |