ਪਠਾਨਕੋਟ, 8 ਅਪ੍ਰੈਲ (ਵਿਨੋਦ)- ਜ਼ਿਲ੍ਹਾ ਪਠਾਨਕੋਟ ਵਿਖੇ 12 ਅਪ੍ਰੈਲ ਨੂੰ ਸੂਬਾ ਪੱਧਰੀ ਨਵ ਸੰਵਤ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਹੋਰ ਨਾਮੀ ਹਸਤੀਆਂ ਪਹੁੰਚ ਰਹੀਆਂ ਹਨ | ਸਮਾਗਮ ਨੂੰ ਲੈ ਕੇ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਦੀ ਪ੍ਰਧਾਨਗੀ ਅੰਦਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਚ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਸਰਵ ਰੋਹਿਤ ਸਿਆਲ ਉਪ ਪ੍ਰਧਾਨ ਮਾਝਾ ਜ਼ੋਨ ਇੰਚਾਰਜ ਨਸ਼ਾ ਮੁਕਤੀ ਮੋਰਚਾ, ਅਰਸ਼ਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ, ਸੰਜੀਵ ਪਠਾਨੀਆ ਤਹਿਸੀਲਦਾਰ ਧਾਰਕਲਾਂ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ | ਡਾ: ਪੱਲਵੀ ਨੇ ਦੱਸਿਆ ਕਿ 12 ਅਪ੍ਰੈਲ ਨੂੰ ਜ਼ਿਲ੍ਹਾ ਪਠਾਨਕੋਟ ਵਿਖੇ ਰਾਮ-ਲੀਲ੍ਹਾ ਗਰਾਊਾਡ ਪਠਾਨਕੋਟ ਵਿਚ ਨਵ ਸੰਵਤ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ, ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੋਂ ਇਲਾਵਾ ਹੋਰ ਵੀ ਪੰਜਾਬ ਸਰਕਾਰ ਦੇ ਵਜ਼ੀਰ ਸ਼ਿਰਕਤ ਕਰਨਗੇ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਪੰਜਾਬੀ ਪ੍ਰਸਿੱਧ ਗਾਇਕ ਰੌਸ਼ਨ ਪਿ੍ੰਸ ਵਲੋਂ ਪ੍ਰੋਗਰਾਮ ਵੀ ਪੇਸ਼ ਕੀਤਾ ਜਾਏਗਾ | ਮੀਟਿੰਗ ਦੌਰਾਨ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਗਈ | ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਵਲੋਂ ਕਰਵਾਏ ਜਾ ਰਹੇ ਨਵ ਸੰਵਤ ਸਮਾਗਮ ਅਧੀਨ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਰਾਮ-ਲੀਲ੍ਹਾ ਗਰਾਊਾਡ ਅਤੇ ਪਾਰਕਿੰਗ ਵਿਵਸਥਾ ਦੇ ਲਈ ਵੱਖ-ਵੱਖ ਸਥਾਨਾਂ ਦਾ ਦੌਰਾ ਵੀ ਕੀਤਾ |