ਗੁਰਦਾਸਪੁਰ, 15 ਅਪ੍ਰੈਲ (ਚੱਕਰਾਜਾ)- ਵਿਰਾਸਤੀ ਮੰਚ ਬਟਾਲਾ ਨੇ ਬੀਤੇ ਦਿਨੀਂ ਦੀਨਾਨਗਰ ਸਥਿਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਿਕ ਸ਼ਾਹੀ ਬਾਰਾਂਦਰੀ ਦੀ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ | ਵਿਰਾਸਤੀ ਮੰਚ ਦੇ ਚੇਅਰਮੈਨ ਐਡਵੋਕੇਟ ਐੱਚ.ਐੱਸ. ਮਾਂਗਰ, ਪ੍ਰਧਾਨ ਬਲਦੇਵ ਸਿੰਘ ਰੰਧਾਵਾ, ਜਨਰਲ ਸਕੱਤਰ ਇੰਦਰਜੀਤ ਸਿੰਘ ਹਰਪੁਰਾ ਸਮੇਤ ਮੰਚ ਦੇ ਸਮੂਹ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਕੋਲੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਸੁਰੱਖਿਅਤ ਐਲਾਨੀ ਗਈ ਇਸ ਇਮਾਰਤ ਦੀ ਭੰਨਤੋੜ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇ ਅਤੇ ਇਸ ਇਮਾਰਤ ਨੂੰ ਹੋਰ ਨੁਕਸਾਨ ਪਹੁੰਚਾਉਣ ਤੋਂ ਤੁਰੰਤ ਰੋਕਿਆ ਜਾਵੇ | ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਬਲਦੇਵ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਵਿਰਾਸਤੀ ਮੰਚ ਦੇ ਧਿਆਨ 'ਚ ਆਇਆ ਕਿ ਇਸ ਇਤਿਹਾਸਿਕ ਬਾਰਾਂਦਰੀ ਦੀ ਕੁਝ ਵਿਅਕਤੀਆਂ ਵਲੋਂ ਭੰਨ-ਤੋੜ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਾਨੂੰਨੀ ਤੌਰ 'ਤੇ ਸਰਾਸਰ ਗ਼ਲਤ ਹੈ | ਉਨ੍ਹਾਂ ਕਿਹਾ ਕਿ ਇਹ ਵਿਰਾਸਤੀ ਇਮਾਰਤ ਤਾਂ ਪਹਿਲਾਂ ਹੀ ਬੇਰੁਖ਼ੀ ਦਾ ਸ਼ਿਕਾਰ ਹੋ ਕੇ ਖੰਡਰ ਦਾ ਰੂਪ ਧਾਰਨ ਕਰ ਚੁੱਕੀ ਹੈ ਤੇ ਉੱਪਰੋਂ ਕੁਝ ਸ਼ਰਾਰਤੀ ਅਨਸਰਾਂ ਵਲੋਂ ਇਸ ਇਮਾਰਤ ਦੀ ਹੋਰ ਭੰਨਤੋੜ ਕਰਨਾ ਬੇਹੱਦ ਗੰਭੀਰ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਮਸਲੇ ਵੱਲ ਧਿਆਨ ਦੇ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ | ਵਿਰਾਸਤੀ ਮੰਚ ਦੇ ਸਮੂਹ ਮੈਂਬਰਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਇਤਿਹਾਸਿਕ ਬਾਰਾਂਦਰੀ ਦੀ ਸਾਂਭ-ਸੰਭਾਲ ਕੀਤੀ ਜਾਵੇ | ਵਿਰਾਸਤੀ ਮੰਚ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਹਰਪੁਰਾ ਨੇ ਦੱਸਿਆ ਕਿ ਇਹ ਬਾਰਾਂਦਰੀ ਮਹਾਰਾਜਾ ਰਣਜੀਤ ਸਿੰਘ ਨੇ ਬਣਵਾਈ ਸੀ ਅਤੇ ਉਹ ਅਕਸਰ ਹੀ ਹਰ ਸਾਲ ਗਰਮੀਆਂ ਦੇ ਮਹੀਨੇ ਦੀਨਾਨਗਰ ਵਿਖੇ ਗੁਜ਼ਾਰਦੇ ਸਨ | ਦੀਨਾਨਗਰ ਵਿਖੇ ਹੀ ਸਰਕਾਰ ਖ਼ਾਲਸਾ ਦੀ ਇਕ ਵੱਡੀ ਫ਼ੌਜੀ ਛਾਉਣੀ ਵੀ ਸੀ | ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਵਲੋਂ ਦੀਨਾਨਗਰ ਵਿਖੇ ਕਈ ਇਤਿਹਾਸਿਕ ਦਰਬਾਰ ਸਜਾਏ ਗਏ, ਇਸੇ ਕਰਕੇ ਇਸ ਨੰੂ ਸਰਕਾਰ ਖ਼ਾਲਸਾ ਦੀ ਗਰਮੀਆਂ ਦੀ ਰਾਜਧਾਨੀ ਵੀ ਕਿਹਾ ਜਾਂਦਾ ਸੀ | ਇੰਦਰਜੀਤ ਸਿੰਘ ਹਰਪੁਰਾ ਨੇ ਦੱਸਿਆ ਦੀਨਾਨਗਰ ਦੀ ਸ਼ਾਹੀ ਬਾਰਾਂਦਰੀ ਵਿਖੇ ਲਾਹੌਰ ਦਰਬਾਰ, ਅੰਗਰੇਜ਼ ਹਕੂਮਤ ਤੇ ਅਫ਼ਗਾਨਿਸਤਾਨ ਦੇ ਬਾਦਸ਼ਾਹ ਸ਼ਾਹ ਸੂਜਾ ਦਰਮਿਆਨ ਤ੍ਰੈ-ਪੱਖੀ ਸੰਧੀ ਹੋਈ ਸੀ | ਇਸ ਤੋਂ ਇਲਾਵਾ ਕਸ਼ਮੀਰ ਨੂੰ ਫ਼ਤਿਹ ਕਰਨ ਦੀ ਵਿਉੇਂਤਬੰਧੀ ਵੀ ਇਥੇ ਹੀ ਘੜੀ ਗਈ ਸੀ | ਉਨ੍ਹਾਂ ਦੱਸਿਆ ਕਿ ਅੰਗਰੇਜ਼ ਲਿਖਾਰੀ ਵਿਲੀਅਮ ਜੀ.ਆਸਬਰਨ ਦੀ ਕਿਤਾਬ 'ਮਹਾਰਾਜਾ ਰਣਜੀਤ ਸਿੰਘ ਕੋਰਟ ਐਂਡ ਕੈਂਪਸ' ਵਿਚ ਦੀਨਾਨਗਰ ਦੇ ਸ਼ਾਹੀ ਦਰਬਾਰ ਦੀ ਸ਼ਾਨ ਨੂੰ ਪੜਿ੍ਹਆ ਜਾ ਸਕਦਾ ਹੈ | ਇੰਦਰਜੀਤ ਸਿੰਘ ਹਰਪੁਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਲ 2010 ਵਿਚ ਇਸ ਇਤਿਹਾਸਿਕ ਬਾਰਾਂਦਰੀ ਨੂੰ ਸੁਰੱਖਿਆ ਇਮਾਰਤ ਦਾ ਦਰਜਾ ਦਿੱਤਾ ਸੀ ਤੇ ਸਰਕਾਰ ਵਲੋਂ 1.60 ਕਰੋੜ ਰੁਪਏ ਦਾ ਟੈਂਡਰ ਵੀ ਬਾਰਾਂਦਰੀ ਦੀ ਮੁਰੰਮਤ ਲਈ ਲਗਾਇਆ ਗਿਆ ਹੈ ਪਰ ਕੰਮ ਸ਼ੁਰੂ ਨਹੀਂ ਹੋ ਸਕਿਆ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਵਿਰਾਸਤੀ ਇਮਾਰਤ ਦੀ ਸੰਭਾਲ ਵੱਲ ਧਿਆਨ ਦਿੱਤਾ ਜਾਵੇ | ਇਸ ਮੌਕੇ ਵਿਰਾਸਤੀ ਮੰਚ ਦੇ ਅਹੁਦੇਦਾਰ ਕੁਲਵਿੰਦਰ ਸਿੰਘ ਲਾਡੀ ਜੱਸਲ, ਸ਼ਮਸ਼ੇਰ ਸਿੰਘ ਮੱਲ੍ਹੀ, ਖ਼ਜ਼ਾਨਚੀ ਸੁਖਦੇਵ ਸਿੰਘ ਫੈਜਪੁਰਾ, ਪਿ੍ੰਸਪਾਲ ਸਿੰਘ ਚੱਠਾ, ਸ਼ੇਰੇ ਪੰਜਾਬ ਸਿੰਘ ਕਾਹਲੋਂ, ਹਰਵਿੰਦਰ ਸਿੰਘ ਹਰਪੁਰਾ, ਵੈਬੀਜੋਤ ਸਿੰਘ ਕਾਹਲੋਂ, ਵਰਿੰਦਰ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰ ਵੀ ਹਾਜ਼ਰ ਸਨ |