ਕਾਹਨੂੰਵਾਨ, 16 ਅਪ੍ਰੈਲ (ਨਿਸ਼ਾਨ ਸਿੰਘ ਚਾਹਲ)- ਦਾਣਾ ਮੰਡੀਆਂ ਵਿਚ ਕਣਕ ਦੀ ਖਰੀਦ ਅਤੇ ਖਰੀਦ ਪ੍ਰਬੰਧਾਂ ਨੂੰ ਨੇੜੇ ਤੋਂ ਦੇਖਣ ਦੇ ਲਈ ਅੱਜ ਹਲਕਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦਾਣਾ ਮੰਡੀ ਕਾਹਨੂੰਵਾਨ ਵਿਖੇ ਪੁੱਜੇ ਜਿੱਥੇ ਉਨ੍ਹਾਂ ਨੇ ਆੜ੍ਹਤੀਆਂ ਤੇ ਮੰਡੀ ਜਿਨਸ ਵੇਚਣ ਲਈ ਆਏ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਾਣਾ ਮੰਡੀਆਂ ਵਿਚ ਕਣਕ ਦੀ ਖਰੀਦ ਦੇ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਤੇ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਦਾਣਾ ਮੰਡੀਆਂ ਵਿਚ ਹਕੀਕਤ ਇਹ ਹੈ ਕਿ ਨਾ ਤਾਂ ਕਿਸੇ ਦਾਣਾ ਮੰਡੀ ਵਿਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਈ ਹੈ ਤੇ ਨਾ ਹੀ ਮੰਡੀਆਂ ਵਿਚ ਬਾਰਦਾਨਾ ਪੁੱਜਾ ਹੈ, ਜਿਸ ਨਾਲ ਸਰਕਾਰ ਦਾ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਦਾ ਦਾਅਵਾ ਹਕੀਕਤ ਤੋਂ ਦੂਰ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਖਰੀਦ ਸ਼ੁਰੂ ਹੋਣ ਤੋਂ 16 ਦਿਨ ਬਾਅਦ ਵੀ ਕਣਕ ਦਾ ਇਕ ਵੀ ਦਾਣਾ ਨਹੀਂ ਖਰੀਦਿਆ ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਕਣਕ ਦੀ ਸਰਕਾਰੀ ਖਰੀਦ ਕਰਨ ਵਿਚ ਫ਼ੇਲ ਸਾਬਤ ਹੋਈ ਹੈ ਜਿਸ ਕਰ ਕੇ ਦਾਣਾ ਮੰਡੀਆਂ ਵਿਚ ਅੰਨਦਾਤੇ ਦੀ ਖੱਜਲ-ਖੁਆਰੀ ਵਧੀ ਹੈ ਜਦਕਿ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ | ਉਨ੍ਹਾਂ ਕਿਹਾ ਕਿ ਕਣਕ ਦੀ ਸਰਕਾਰੀ ਖਰੀਦ ਦੇ ਪ੍ਰਬੰਧਾਂ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਖੱਜਲ-ਖੁਆਰੀ ਬਾਰੇ ਸਾਰਾ ਮਾਮਲਾ ਉਹ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿਚ ਲਿਆਉਣਗੇ ਜਿਸ ਤੋਂ ਬਾਅਦ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਹੁਕਮਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸਰਕਾਰੀ ਖਰੀਦ ਅਧਿਕਾਰੀਆਂ ਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਸਾ. ਚੇਅਰਮੈਨ ਹਰਦੇਵ ਸਿੰਘ ਸਠਿਆਲੀ, ਸਾ. ਸਰਪੰਚ ਇੰਦਰਜੀਤ ਸਿੰਘ ਜਕੜੀਆ, ਮਨਮੋਹਣ ਸਿੰਘ ਗਿੱਲ ਕਾਹਨੂੰਵਾਨ, ਐਮ.ਪੀ. ਸਿੰਘ, ਪ੍ਰੇਮ ਸਿੰਘ ਘੁੰਮਣ ਆਦਿ ਹਾਜ਼ਰ ਸਨ |