ਪਠਾਨਕੋਟ, 17 ਅਪ੍ਰੈਲ (ਵਿਨੋਦ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਨੇ ਕਾਲਜ ਕੈਂਪਸ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕਰਵਾਇਆ | ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਤਨੀ ਉਰਮਿਲਾ ਦੇਵੀ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਦੇ ਨਾਲ ਪਵਨ ਕੁਮਾਰ ਫ਼ੌਜੀ (ਚੇਅਰਮੈਨ ਬਲਾਕ ਕਮੇਟੀ, ਘਰੋਟਾ) ਤੇ ਇੰਦਰਾ ਪਬਲਿਕ ਸਕੂਲ ਦੇ ਪਿ੍ੰਸੀਪਲ ਜਗਦੀਸ਼ ਸਿੰਘ ਵੀ ਸਨ | ਉਨ੍ਹਾਂ ਦੇ ਪਹੁੰਚਣ 'ਤੇ ਕਾਲਜ ਪ੍ਰਬੰਧਨ ਤੇ ਸਟਾਫ਼ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੇ ਦੀਪ ਜਗਾ ਕੇ ਪ੍ਰੋਗਰਾਮ ਦਾ ਰਸਮੀ ਉਦਘਾਟਨ ਕੀਤਾ | ਪਿ੍ੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਕਾਲਜ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੁਆਰਾ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਤੋਂ ਬਾਅਦ ਅਕਾਦਮਿਕ, ਸੱਭਿਆਚਾਰਕ, ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ | ਹੋਣਹਾਰ ਵਿਦਿਆਰਥੀਆਂ ਨੂੰ ਟਰਾਫ਼ੀਆਂ, ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ | ਪਿ੍ੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਮੁੱਖ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਧੰਨਵਾਦ ਕੀਤਾ | ਪ੍ਰੋਗਰਾਮ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਹੋਇਆ |