ਬਟਾਲਾ, 18 ਅਪ੍ਰੈਲ (ਸਤਿੰਦਰ ਸਿੰਘ)-ਸਿੱਖਿਆ ਕ੍ਰਾਂਤੀ ਦੀ ਲਹਿਰ ਤਹਿਤ ਬਲਾਕ ਕਾਹਨੂੰਵਾਨ ਦੇ ਸਰਕਾਰੀ ਹਾਈ ਸਕੂਲ ਕੋਟ ਟੋਡਰ ਮੱਲ ਵਿਖੇ ਨਵੇਂ ਬਣੇ ਸਾਇੰਸ ਲੈਬ ਦਾ ਉਦਘਾਟਨ ਹਲਕਾ ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ ਦੇ ਸੱਦੇ 'ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ ਵਲੋਂ ਕੀਤਾ ਗਿਆ | ਇਸ ਮੌਕੇ ਜੋਬਨ ਰੰਧਾਵਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਨੇ ਵੱਡੀ ਕ੍ਰਾਂਤੀ ਲਿਆਂਦੀ ਹੈ | ਪਿਛਲੀਆਂ ਸਰਕਾਰਾਂ ਨੇ ਸਿਰਫ ਬੱਚਿਆਂ ਨੂੰ ਸਿੱਖਿਆ ਤੋਂ ਵਾਂਝਾ ਰੱਖਿਆ ਪਰ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਇਸ ਸਰਕਾਰ ਨੇ ਦਿੱਲੀ ਦੀ ਤਰਜ਼ 'ਤੇ ਸਿੱਖਿਆ ਵਿਚ ਸਭ ਤੋਂ ਵੱਡੀ ਕ੍ਰਾਂਤੀ ਲਿਆਉਣ ਵਾਲੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਦੇ ਨਕਸ਼ੇ ਕਦਮਾਂ 'ਤੇ ਚਲਦੇ ਹੋਏ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦਾ ਮਿਆਰ ਬਹੁਤ ਚੁੱਕਾ ਹੈ | ਅੱਜ ਇਸ ਸਕੂਲ ਵਿਚ ਸਾਇੰਸ ਲੈਬ ਦਾ ਉਦਘਾਟਨ ਕਰਨ ਪਹੁੰਚੇ ਹਾਂ | ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਯਤਨਾਂ ਸਦਕਾ ਅੱਜ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜਾਉਣ ਦੀ ਤਰਜੀਹ ਦੇ ਰਹੇ ਹਨ, ਕਿਉਂਕਿ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਕੂਲਾਂ ਦੀ ਤਸਵੀਰ ਬਦਲੀ ਹੈ ਉਥੇ ਨਾਲ ਹੀ ਬੱਚਿਆਂ ਨੂੰ ਸਿੱਖਿਆ ਦਾ ਪੱਧਰ ਵੀ ਉੱਚਾ ਚੁੱਕਿਆ ਹੈ | ਇਸ ਮੌਕੇ ਸਿੱਖਿਆ ਵਿੰਗ ਮਾਝਾ ਜ਼ੋਨ ਦੇ ਇੰਚਾਰਜ ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ, ਚੇਅਰਮੈਨ ਮਾਰਕੀਟ ਕਮੇਟੀ ਕਾਹਨੂੰਵਾਨ ਜਸਪਾਲ ਸਿੰਘ ਪੰਧੇਰ, ਹਲਕਾ ਕੋਆਰਡੀਨੇਟਰ ਸਿੱਖਿਆ ਵਿੰਗ ਜਗਰੂਪ ਸਿੰਘ ਰਿਆੜ, ਸੋਸ਼ਲ ਮੀਡੀਆ ਜ਼ਿਲ੍ਹਾ ਗੁਰਦਾਸਪੁਰ ਤੋਂ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਪੰਨੂੰ, ਬਲਾਕ ਪ੍ਰਧਾਨ ਇੰਦਰਜੀਤ ਸਿੰਘ ਅਤੇ ਪਾਰਟੀ ਦੇ ਕਈ ਸੀਨੀਅਰ ਸਾਥੀ ਮੌਜੂਦ ਸਨ |