ਪਠਾਨਕੋਟ, 18 ਅਪ੍ਰੈਲ (ਵਿਨੋਦ)- ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਸ੍ਰੀ ਸਾਈਾ ਕਾਲਜ ਬਧਾਣੀ ਵਿਖੇ ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਸਕੂਲਾਂ ਦੇ ਪਿ੍ੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਬੱਚਿਆਂ ਨੂੰ ਨਸ਼ੇ ਤੋਂ ਕਿਵੇਂ ਦੂਰ ਰੱਖਿਆ ਜਾ ਸਕਦਾ ਹੈ, ਇਸ ਸੰਬੰਧੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲਾਂ ਨੇ ਪੰਜਾਬ ਨੂੰ ਕਿਵੇਂ ਨਸ਼ਾ ਮੁਕਤ ਪੰਜਾਬ ਬਣਾਇਆ ਜਾ ਸਕਦਾ ਹੈ, ਸਬੰਧੀ ਸੁਝਾਅ ਵੀ ਦਿੱਤੇ | ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਸੂਰਵੀਰਾਂ ਦੀ ਧਰਤੀ ਹੈ, ਭਾਰਤ ਮਾਂ ਦੀ ਰੱਖਿਆ ਕਰਦੇ ਹੋਏ ਸਭ ਤੋਂ ਜ਼ਿਆਦਾ ਸ਼ਹੀਦ ਹੋਣ ਵਾਲੇ ਨੌਜਵਾਨਾਂ ਵਿਚੋਂ ਜ਼ਿਆਦਾਤਰ ਨੌਜਵਾਨ ਪੰਜਾਬ ਦੇ ਰਹਿਣ ਵਾਲੇ ਹਨ | ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਕਰਦਿਆਂ ਜੇਕਰ ਅਸੀਂ ਦੁਸ਼ਮਣ ਦੇਸ਼ਾਂ ਨਾਲ ਲੜਾਈ ਕਰਦਿਆਂ ਆਪਣੀ ਜਾਨ ਤੱਕ ਦੀ ਕੁਰਬਾਨੀ ਦੇ ਸਕਦੇ ਹਾਂ ਤਾਂ ਫਿਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਵੱਡੀ ਗੱਲ ਨਹੀਂ ਹੈ | ਉਨ੍ਹਾਂ ਕਿਹਾ ਕਿ ਸਾਡੇ ਗੁਆਂਢੀ ਦੇਸ਼ ਭਾਵੇਂ ਕਿ ਸਿੱਧੇ ਤੌਰ 'ਤੇ ਸਾਡੇ ਨਾਲ ਜੰਗ ਨਹੀਂ ਲੜ ਸਕਦੇ ਪਰ ਇਕ ਸੋਚੀ ਸਮਝੀ ਚਾਲ ਦੇ ਅਨੁਸਾਰ ਪੰਜਾਬ ਦੀ ਨੌਜਵਾਨੀ ਨੂੰ ਖਤਮ ਕਰਨ ਲਈ ਪੰਜਾਬ ਅੰਦਰ ਨਸ਼ਾ ਫੈਲਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ | ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਸਮੇਂ ਦੀ ਮੰਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇ ਤੇ ਰੰਗਲੇ ਪੰਜਾਬ ਦੀ ਸਿਰਜਣਾ ਕੀਤੀ ਜਾਵੇ |