ਪਠਾਨਕੋਟ, 18 ਅਪ੍ਰੈਲ (ਸੁਮਿਤ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਉੱਤੇ ਤਿੱਖੇ ਸਵਾਲ ਖੜੇ ਕੀਤੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਲੋਕ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਧਾਰਮਿਕ ਮਸਲੇ ਖੜੇ ਕਰਕੇ ਰਾਜਨੀਤਿਕ ਲਾਭ ਲੈਣਾ ਚਾਹੁੰਦੀ ਹੈ, ਜਿਸ ਨਾਲ ਭਾਜਪਾ ਨੂੰ ਪੰਜਾਬ ਵਿਚ ਮਜ਼ਬੂਤ ਹੋਣ ਦਾ ਮੌਕਾ ਮਿਲ ਸਕਦਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ 'ਤੇ ਭਿ੍ਸ਼ਟਾਚਾਰ ਦੇ ਦੋਸ਼ ਲਗਾਤਾਰ ਸਾਹਮਣੇ ਆ ਰਹੇ ਹਨ, ਜਿਸ ਨਾਲ ਲੋਕਾਂ ਦਾ ਭਰੋਸਾ ਘੱਟ ਰਿਹਾ ਹੈ | ਪਾਸਲਾ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਯੁੱਧ ਦੇ ਦਾਅਵਿਆਂ ਦੇ ਬਾਵਜੂਦ ਨਸ਼ਿਆਂ ਕਾਰਨ ਮੌਤਾਂ ਜਾਰੀ ਹਨ | ਸਿਹਤ ਤੇ ਸਿੱਖਿਆ ਖੇਤਰ ਵਿਚ ਵੀ ਸਰਕਾਰ ਨਾਕਾਮ ਰਹੀ ਹੈ, ਕਿਉਂਕਿ ਹਸਪਤਾਲਾਂ 'ਚ ਡਾਕਟਰ ਅਤੇ ਸਟਾਫ ਦੀ ਘਾਟ ਹੈ ਅਤੇ ਕਈ ਸਕੂਲਾਂ ਵਿਚ ਮੁਖੀ ਵੀ ਨਹੀਂ ਹਨ | ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਮਾਡਲ ਦੇ ਦਾਅਵੇ ਹਕੀਕਤ ਤੋਂ ਦੂਰ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਚੋਣਾਂ ਵਿਚ ਖੱਬੇ ਧਿਰਾਂ ਨੂੰ ਮੌਕਾ ਦੇਣ ਜੋ ਸਿਹਤ, ਸਿੱਖਿਆ, ਮਹਿੰਗਾਈ ਤੇ ਰੁਜ਼ਗਾਰ ਵਰਗੇ ਮੁੱਦਿਆਂ ਦਾ ਹੱਲ ਕਰ ਸਕਦੀਆਂ ਹਨ | ਉਨ੍ਹਾਂ ਵਲੋਂ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਵੀ ਆਲੋਚਨਾ ਕੀਤੀ ਗਈ |