ਗੁਰਦਾਸਪੁਰ, 21 ਅਪ੍ਰੈਲ (ਗੁਰਪ੍ਰਤਾਪ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉੱਪਲ ਵਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਿਤ ਵੱਖ-ਵੱਖ ਮੁਸ਼ਕਿਲਾਂ ਦੇ ਹੱਲ ਕਰਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਹਦਾਇਤ ਕੀਤੀ | ਇਸ ਮੌਕੇ ਕਮਿਸ਼ਨ ਨਾਲ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀ, ਪੁਲਿਸ ਅਧਿਕਾਰੀ ਅਤੇ ਵੱਖ-ਵੱਖ ਹਲਕਿਆਂ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੀ ਮੌਜੂਦ ਰਹੇ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਟਰੇਡਜ਼ ਕਮਿਸ਼ਨ ਨਾਲ ਸਬੰਧਿਤ ਮੁਸ਼ਕਿਲਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਲਈ ਗਈ | ਉਨ੍ਹਾਂ ਕਿਹਾ ਕਿ ਕਮਿਸ਼ਨ ਨਾਲ ਸਬੰਧਿਤ ਮੁਸ਼ਕਿਲਾਂ ਦਾ ਹੱਲ ਕਰਨ ਲਈ ਹਰ ਹਫ਼ਤੇ ਮੀਟਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਹਦਾਇਤ ਕੀਤੀ ਕਿ ਇਸ ਲਈ ਸਬੰਧਿਤ ਅਧਿਕਾਰੀ ਮੁਸ਼ਕਿਲਾਂ ਸਮਾਂ ਬੱਧ ਤਰੀਕੇ ਨਾਲ ਹੱਲ ਕਰਨ ਨੂੰ ਯਕੀਨੀ ਬਣਾਉਣ | ਡਿਪਟੀ ਕਮਿਸ਼ਨਰ ਵਲੋਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਵਪਾਰੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ | ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ, ਐੱਸ.ਡੀ.ਅੱੈਮ. ਗੁਰਦਾਸਪੁਰ ਅਨੁਪ੍ਰੀਤ ਕੌਰ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ, ਅੱੈਸ.ਡੀ.ਅੱੈਮ. ਬਟਾਲਾ ਸਾਰੰਗਪ੍ਰੀਤ ਸਿੰਘ, ਐਸ.ਡੀ.ਐਮ. ਫ਼ਤਿਹਗੜ੍ਹ ਚੂੜੀਆਂ ਨਵਜੋਤ ਸ਼ਰਮਾ, ਐੱਸ.ਡੀ.ਐੱਮ. ਦੀਨਾਨਗਰ ਰਵਿੰਦਰ ਸਿੰਘ, ਐੱਸ.ਪੀ. ਬਟਾਲਾ ਰਮਨਦੀਪ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |