ਗੁਰਦਾਸਪੁਰ, 21 ਅਪ੍ਰੈਲ (ਅਸ਼ੋਕ ਸ਼ਰਮਾ)-ਹਲਕਾ ਇੰਚਾਰਜ ਰਮਨ ਬਹਿਲ ਵਲੋਂ ਗਾਹਲੜੀ ਰੋਡ ਨੇੜੇ ਰਾਮ ਲੀਲ੍ਹਾ ਗਰਾਊਾਡ ਵਿਖੇ 'ਮੁੱਖ ਮੰਤਰੀ ਤੀਰਥ ਯਾਤਰਾ' 'ਤੇ ਗਏ ਯਾਤਰੀਆਂ ਦਾ ਵਾਪਸ ਗੁਰਦਾਸਪੁਰ ਪਹੁੰਚਣ 'ਤੇ ਗਰਮਜੋਸ਼ੀ ਨਾਲ ਰਿਸੀਵ ਕਰਕੇ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਇਲਾਕੇ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਸਥਾਨਿਕ ਨਿਵਾਸੀ ਵੀ ਮੌਜੂਦ ਸਨ | 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਜੋ 11ਵੀਂ ਬੱਸ ਦਿਨ ਐਤਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਵਿਰਾਸਤ-ਏ-ਖਾਲਸਾ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਲਈ ਗਈ ਸੀ, ਉਹ ਅੱਜ ਮੰਗਲਵਾਰ ਵਾਪਸ ਗੁਰਦਾਸਪੁਰ ਪਹੁੰਚੀ ਹੈ | ਰਮਨ ਬਹਿਲ ਵਲੋਂ ਯਾਤਰੀਆਂ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਤਾਲੀਆਂ ਦੀ ਗੂੰਜ ਵਿਚ ਸਵਾਗਤ ਕੀਤਾ ਗਿਆ | ਵਾਪਸੀ 'ਤੇ ਯਾਤਰੀਆਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਯਾਤਰਾ ਬਹੁਤ ਸੁਖਦਾਇਕ ਅਤੇ ਆਤਮਿਕ ਸ਼ਾਂਤੀ ਪ੍ਰਦਾਨ ਕਰਨ ਵਾਲੀ ਰਹੀ | ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਜਿਸ ਨੇ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਦਿੱਤਾ | ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਲੋਕਾਂ ਨੂੰ ਧਾਰਮਿਕ ਸਥਾਨਾਂ ਨਾਲ ਜੋੜਨ ਲਈ ਇਕ ਸਰਾਹਣਯੋਗ ਪਹਿਲ ਹੈ | ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਖ਼ਾਸ ਕਰਕੇ ਵੱਡੀ ਉਮਰ ਦੇ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ, ਜੋ ਆਪਣੇ ਸਾਧਨਾਂ ਨਾਲ ਅਜਿਹੀਆਂ ਯਾਤਰਾਵਾਂ ਨਹੀਂ ਕਰ ਸਕਦੇ ਸਨ | ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ 'ਚ ਵੀ ਇਸ ਤਰ੍ਹਾਂ ਦੀਆਂ ਹੋਰ ਯੋਜਨਾਵਾਂ ਜਾਰੀ ਰੱਖੀਆਂ ਜਾਣਗੀਆਂ ਤਾਂ ਜੋ ਹਰ ਵਰਗ ਨੂੰ ਫ਼ਾਇਦਾ ਮਿਲ ਸਕੇ | ਰਮਨ ਬਹਿਲ ਨੇ ਸਾਰੇ ਯਾਤਰੀਆਂ ਦੀ ਖੈਰ-ਖ਼ਬਰ ਲਈ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਪ੍ਰਸ਼ਾਸਨ ਵਲੋਂ ਵੀ ਯਾਤਰੀਆਂ ਦੀ ਸੁਵਿਧਾ ਲਈ ਯੋਗ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸੁੱਚਾ ਸਿੰਘ ਮੁਲਤਾਨੀ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਗੁਰਦਾਸਪੁਰ ਦੇ ਕੋਆਰਡੀਨੇਟਰ ਗਗਨ ਮਹਾਜਨ, ਵਪਾਰ ਮੰਡਲ ਦੇ ਪ੍ਰਧਾਨ ਅਸ਼ਵਨੀ ਮਹਾਜਨ, ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਹਿਤੇਸ਼ ਮਹਾਜਨ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ |