ਗੁਰਦਾਸਪੁਰ, 22 ਅਪ੍ਰੈਲ (ਚੱਕਰਾਜਾ)- ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧਾਂ ਨੰੂ ਸੁਚਾਰੂ ਅਤੇ ਸਰਕਾਰ ਦੀਆਂ ਸਿੱਖਿਆ ਨੀਤੀਆਂ ਨੰੂ ਸਹੀ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਪਰਮਜੀਤ ਕੌਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਨਾਨਗਰ ਤੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਔਜਲਾ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਪ੍ਰਾਇਮਰੀ ਸਕੂਲਾਂ 'ਚ ਚਲਾਏ ਜਾ ਰਹੇ ਮਿਡ ਡੇ ਮੀਲ ਵੀ ਚੈੱਕ ਕੀਤਾ ਗਿਆ ਜੋ ਦਰੁਸਤ ਪਾਇਆ ਗਿਆ | ਇਸ ਮੌਕੇ ਡੀ.ਈ.ਓ. ਵਲੋਂ ਸਕੂਲਾਂ 'ਚ ਬੱਚਿਆਂ ਦੇ ਵੱਧ ਤੋਂ ਵੱਧ ਦਾਖ਼ਲੇ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਨਾਨਗਰ ਦੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਜਾਣਕਾਰੀ ਲਈ ਗਈ ਤੇ ਅਧਿਆਪਕਾਂ ਨੰੂ ਵੱਖ ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ | ਇਸ ਮੌਕੇ ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਵਲੋਂ ਨਿੱਤ ਜ਼ਿਲ੍ਹੇ ਦੇ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ 'ਚ ਵੱਧ ਤੋਂ ਵੱਧ ਬੱਚਿਆਂ ਨੰੂ ਦਾਖਲ ਕਰਵਾਉਣ ਲਈ ਅਧਿਆਪਕਾਂ ਨੰੂ ਹਦਾਇਤਾਂ ਕੀਤੀਆਂ ਗਈਆਂ ਹਨ ਜਿਸ ਦਾ ਅਸਰ ਵੀ ਹੁੰਦਾ ਦਿਖਾਈ ਦੇ ਰਿਹਾ ਹੈ ਅਤੇ ਸਕੂਲਾਂ ਅੰਦਰ ਬੱਚਿਆਂ ਦੀ ਗਿਣਤੀ 'ਚ ਪਹਿਲਾਂ ਨਾਲੋਂ ਵਾਧਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਕੋਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਦਾ ਚਾਰਜ ਵੀ ਹੋਣ ਕਾਰਨ ਕੰਮ ਦਾ ਲੋਡ ਕਾਫ਼ੀ ਜ਼ਿਆਦਾ ਹੈ ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਵਲੋਂ ਜ਼ਿਲ੍ਹੇ ਦੇ ਸਕੂਲਾਂ 'ਚ ਵਿੱਦਿਆ ਦਾ ਅਕਸ ਸੁਧਾਰਨ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜੋ ਨਿਰੰਤਰ ਜਾਰੀ ਹਨ |