ਬਟਾਲਾ, 23 ਅਪ੍ਰੈਲ (ਸਤਿੰਦਰ ਸਿੰਘ)- ਬਟਾਲਾ ਵਿਧਾਨ ਸਭਾ ਹਲਕੇ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਵਿਚ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਦੇ ਨਿਵਾਸੀਆਂ ਅਤੇ ਨਗਰ ਨਿਗਮ ਦੇ ਚੁਣੇ ਹੋਏ ਪ੍ਰਤੀਨਿਧੀਆਂ ਵਲੋਂ ਐਸ.ਡੀ.ਐਮ. ਬਟਾਲਾ ਨੂੰ ਇਕ ਮੰਗ ਪੱਤਰ ਦੇ ਕੇ ਨਗਰ ਨਿਗਮ ਚੋਣਾਂ ਸੰਬੰਧੀ ਇਤਰਾਜ ਦਰਜ ਕਰਵਾਏ ਗਏ | ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਦੱਸਿਆ ਕਿ ਹਾਈਕੋਰਟ ਦੇ ਨਿਰਦੇਸ਼ਾਂ ਅਨੁਸਾਰ ਚੋਣਾਂ ਪੁਰਾਣੀ ਵਾਰਡਬੰਦੀ ਦੇ ਆਧਾਰ 'ਤੇ ਹੋਣੀਆਂ ਚਾਹੀਦੀਆਂ ਹਨ | ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਨਗਰ ਨਿਗਮ ਬਟਾਲਾ ਦੀਆਂ 50 ਵਾਰਡਾਂ ਦੀ ਰੋਟੇਸ਼ਨ ਕੀਤੀ ਗਈ ਜਿਸ ਵਿਚ ਜਨਸੰਖਿਆ ਦੇ ਮਾਪਢੰਡਾਂ ਨੂੰ ਨਜ਼ਰ-ਅੰਦਾਜ਼ ਕੀਤਾ ਗਿਆ ਜਿਸ ਨਾਲ ਨਿਰਪੱਖਤਾ 'ਤੇ ਸਵਾਲ ਖੜੇ ਹੁੰਦੇ ਹਨ ਪਰ ਮੌਜੂਦਾ ਵੋਟਰ ਸੂਚੀਆਂ ਵਿਚ ਉਸ ਦੀ ਪਾਲਣਾ ਨਹੀਂ ਕੀਤੀ ਗਈ | ਕਈ ਥਾਵਾਂ 'ਤੇ ਵਾਰਡਾਂ ਦੀ ਸੀਮਾ ਵਿਚ ਬਿਨਾਂ ਕਿਸੇ ਸਪੱਸ਼ਟ ਕਾਰਨ ਦੇ ਤਬਦੀਲੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਜਾਰੀ ਕੀਤੇ ਵਾਰਡਾਂ ਤਹਿਤ ਵੋਟਰ ਸੂਚੀਆਂ ਵਿਚ ਕਈ ਗੜਬੜੀਆਂ ਅਤੇ ਛੇੜ-ਛਾੜ ਸਾਹਮਣੇ ਆਈ ਹੈ | ਖਾਸ ਕਰ ਕੇ ਕਈ ਵਾਰਡਾਂ ਵਿਚ ਉਹ ਵੋਟਾਂ ਸ਼ਾਮਲ ਕਰ ਦਿੱਤੀਆਂ ਗਈਆਂ ਹਨ, ਜੋ ਉਸ ਵਾਰਡ ਦੇ ਨਿਵਾਸੀਆਂ ਨਾਲ ਸੰਬੰਧਿਤ ਨਹੀਂ ਹਨ | ਇਸ ਨਾਲ ਨਾ ਸਿਰਫ ਵੋਟਰਾਂ ਵਿਚ ਉਲਝਣਾਂ ਪੈਦਾ ਹੋ ਰਹੀਆਂ ਹਨ, ਸਗੋਂ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ 'ਤੇ ਵੀ ਸਵਾਲ ਖੜੇ ਹੋ ਰਹੇ ਹਨ | ਉਨ੍ਹਾਂ ਇਹ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਗਲਤ ਤਰੀਕੇ ਨਾਲ ਸ਼ਾਮਲ ਕੀਤੀਆਂ ਗਈਆਂ ਵੋਟਾਂ ਨੂੰ ਸਹੀ ਕੀਤਾ ਜਾਵੇ ਤਾਂ ਜੋ ਆਉਣ ਵਾਲੀਆਂ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਹੋ ਸਕਣ | ਇਸ ਮੌਕੇ ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਉਹ ਲੋਕਤੰਤਰਿਕ ਢੰਗ ਨਾਲ ਸੰਘਰਸ਼ ਕਰਨ ਲਈ ਮਜਬੂਰ ਹੋਣਗੇ |