ਗੁਰਦਾਸਪੁਰ, 23 ਅਪ੍ਰੈਲ (ਚੱਕਰਾਜਾ)- ਆਮ ਆਦਮੀ ਪਾਰਟੀ ਦੇ ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਅੱਜ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ ਜਿਸ ਤਹਿਤ ਉਨ੍ਹਾਂ ਵਲੋਂ ਦੋਰਾਂਗਲਾ ਦੀਆਂ ਸਮੂਹ ਮੰਡੀਆਂ ਅੰਦਰ ਜਾ ਕੇ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਨੇ ਮੰਡੀਆਂ 'ਚ ਕਣਕ ਲੈ ਕੇ ਆਏ ਕਿਸਾਨਾਂ, ਆੜ੍ਹਤੀਆਂ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਿਸ ਦੌਰਾਨ ਉਨ੍ਹਾਂ ਵਲੋਂ ਖ਼ਰੀਦ ਪ੍ਰਬੰਧਾਂ 'ਤੇ ਸੰਤੁਸ਼ਟੀ ਪ੍ਰਗਟਾਈ ਗਈ | ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ 'ਤੇ ਮੀਂਹ ਪੈਣ ਨਾਲ ਕਣਕ ਦੇ ਦਾਣਿਆਂ ਦੀ ਮਿਕਦਾਰ ਤੇ ਨਮੀ ਦੇ ਸਬੰਧ ਵਿਚ ਛੋਟ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਨੇ 75 ਫ਼ੀਸਦੀ ਕਣਕ ਦੀ ਕਟਾਈ ਦਾ ਕੰਮ ਮੁਕੰਮਲ ਕਰ ਲਿਆ ਹੈ ਤੇ ਸਰਕਾਰ ਵਲੋਂ ਕਿਸਾਨਾਂ ਦੀ ਮੰਡੀ ਵਿਚ ਆਈ ਕਣਕ ਦੀ ਖ਼ਰੀਦ ਤੋਂ ਬਾਅਦ ਤੁਰੰਤ ਕਣਕ ਦਾ ਭੁਗਤਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 218723 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਨਾਲੋਂ ਨਾਲ ਫ਼ਸਲ ਦੀ ਮੰਡੀਆਂ ਵਿਚੋਂ ਚੁਕਾਈ ਵੀ ਕੀਤੀ ਜਾ ਰਹੀ ਹੈ | ਜਦੋਂ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 391 ਕਰੋੜ 65 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਖ਼ਰੀਦ ਦਾ 90 ਫ਼ੀਸਦੀ ਬਣਦਾ ਹੈ |