ਬਟਾਲਾ, 28 ਅਪ੍ਰੈਲ (ਸਤਿੰਦਰ ਸਿੰਘ)-ਪੰਜਾਬ ਵਿਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਸ਼੍ਰੀ ਹਰਿਗੋਬਿੰਦਪੁਰ ਸਾਹਿਬ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਕੱਲ੍ਹ 30 ਅਪ੍ਰੈਲ ਨੂੰ ਸਵੇਰੇ 10 ਵਜੇ ਬਿਜਲੀ ਘਰ ਘੁਮਾਣ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਕਰ ਕੇ ਸਮੇਂ ਸਿਰ ਬਿਜਲੀ ਖਰੀਦ ਦੇ ਸਮਝੌਤੇ ਤੈਅ ਨਾ ਕਰਨ ਕਰ ਕੇ ਪੰਜਾਬ ਦੇ ਲੋਕਾਂ ਨੂੰ ਬਿਜਲੀ ਸਪਲਾਈ ਸੰਬੰਧੀ ਵੱਡੀ ਦਿੱਕਤ ਆ ਰਹੀ ਹੈ ਤੇ ਲੰਬੇ ਲੰਬੇ ਕੱਟ ਲਗਾਏ ਜਾ ਰਹੇ ਹਨ | ਉਨ੍ਹਾਂ ਹਲਕੇ ਦੇ ਸਮੂਹ ਅਕਾਲੀ ਆਗੂਆਂ, ਵਰਕਰਾਂ, ਕਿਸਾਨਾਂ ਤੇ ਆਮ ਲੋਕਾਂ ਨੂੰ ਰੋਸ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ |