ਗੁਰਦਾਸਪੁਰ, 28 ਅਪ੍ਰੈਲ (ਚੱਕਰਾਜਾ)-ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ 30 ਅਪ੍ਰੈਲ ਨੂੰ ਸਵੇਰੇ 10.30 ਵਜੇ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਲੋਕ ਅਦਾਲਤ/ਖੁੱਲ੍ਹਾ ਦਰਬਾਰ ਲਗਾਇਆ ਜਾਵੇਗਾ | ਜਿਸ ਦਾ ਉਦੇਸ਼ ਮਹਿਲਾਵਾਂ ਨੂੰ ਆਪਣੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇਕ ਸਿੱਧਾ ਤੇ ਸੁਗਮ ਮੰਚ ਉਪਲਬਧ ਕਰਵਾਉਣਾ ਹੈ | ਇਸ ਦੌਰਾਨ ਲਗਾਏ ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ ਕਰਵਾਉਣ ਲਈ ਉੱਚ ਅਧਿਕਾਰੀ ਮੌਜੂਦ ਰਹਿਣਗੇ | ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਗੁੰਝਲਦਾਰ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਕਮਿਸ਼ਨ ਦੀ ਪ੍ਰਾਥਮਿਕਤਾ ਹੈ | ਇਹ ਖੁੱਲ੍ਹਾ ਦਰਬਾਰ ਪੀੜਤ ਮਹਿਲਾਵਾਂ ਨੂੰ ਇਨਸਾਫ਼ ਦਿਲਵਾਉਣ ਵੱਲ ਮਹੱਤਵਪੂਰਨ ਕਦਮ ਹੋਵੇਗਾ | ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਸਮੂਹ ਜਨਤਾ ਨੂੰ ਅਪੀਲ ਕੀਤੀ ਕਿ ਇਸ ਦਰਬਾਰ ਵਿਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਸਿੱਧਾ ਕਮਿਸ਼ਨ ਅੱਗੇ ਰੱਖਣ ਦਾ ਲਾਭ ਉਠਾਉਣ |