ਨੌਸ਼ਹਿਰਾ ਮੱਝਾ ਸਿੰਘ, 28 ਅਪ੍ਰੈਲ (ਰਵੀ ਭਗਤ)-ਪੁਲਿਸ ਜ਼ਿਲ੍ਹਾ ਬਟਾਲਾ ਦੇ ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਦੇ ਹੁਕਮਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਪੂਰੀ ਸੰਜ਼ੀਦਗੀ ਨਾਲ ਕੰਮ ਕਰ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਸੇਖਵਾਂ ਦੇ ਅਧੀਨ ਆਉਂਦੀ ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਬਲਜੀਤ ਸਿੰਘ ਨੇ ਮੁਹਤਬਰਾਂ ਨਾਲ ਮੀਟਿੰਗ ਉਪਰੰਤ ਕੀਤਾ | ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਗੈਰ-ਸਮਾਜੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ੇ ਦੀ ਸਪਲਾਈ ਲਾਇਨ ਨੂੰ ਤੋੜਨ ਲਈ ਵਿਭਾਗ ਵਲੋਂ ਆਧੁਨਿਕ ਢੰਗ ਤਰੀਕੇ ਅਪਣਾਏ ਜਾ ਰਹੇ ਹਨ, ਤਾਂ ਜੋ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਚੌਂਕੀ ਇੰਚਾਰਜ ਬਲਜੀਤ ਸਿੰਘ ਨੇ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਦਿੱਤੀ ਜਾਵੇ | ਉਨ੍ਹਾਂ ਭਰੋਸਾ ਦਿੱਤਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਂਅ ਗੁਪਤ ਰੱਖਿਆ ਜਾਵੇਗਾ | ਇਸ ਮੌਕੇ ਏ.ਐੱਸ.ਆਈ. ਨਿਰਮਲ ਸਿੰਘ, ਏ.ਐੱਸ.ਆਈ. ਘਨਸ਼ਾਮ ਸਿੰਘ, ਮੁਨਸ਼ੀ ਲਵਦੀਪ ਸਿੰਘ, ਸੁਖਪਾਲ ਸਿੰਘ ਐੱਚ.ਸੀ., ਰੈਨੂ ਬਾਲਾ ਆਦਿ ਹਾਜ਼ਰ ਸਨ |