ਪਠਾਨਕੋਟ, 28 ਅਪ੍ਰੈਲ (ਸੰਧੂ)-ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਾਂਗਰਸ ਪਾਰਟੀ ਨੇ ਆਪਣੀਆਂ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਹੈ | ਇਸ ਸਬੰਧੀ ਸਾਬਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਅਮਿਤ ਵਿੱਜ ਦੀ ਅਗਵਾਈ ਹੇਠ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਪਾਰਟੀ ਦੇ ਸੀਨੀਅਰ ਆਗੂਆਂ, ਵਰਕਰਾਂ ਅਤੇ ਸੰਭਾਵਿਤ ਉਮੀਦਵਾਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਮੀਟਿੰਗ ਦਾ ਮੁੱਖ ਉਦੇਸ਼ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤਿਆਰ ਕਰਨਾ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣਾ ਸੀ | ਮੀਟਿੰਗ ਦੌਰਾਨ ਪਿਛਲੀਆਂ ਨਗਰ ਨਿਗਮ ਚੋਣਾਂ ਦੇ ਪ੍ਰਦਰਸ਼ਨ ਦਾ ਵੀ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਇਕਜੁੱਟਤਾ ਅਤੇ ਮਜ਼ਬੂਤੀ ਨਾਲ ਚੋਣ ਮੈਦਾਨ ਵਿਚ ਉੱਤਰੇਗੀ | ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਵਾਰਡ ਪੱਧਰ 'ਤੇ ਮੀਟਿੰਗਾਂ ਅਤੇ ਜਨ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਵਰਕਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਕਾਂਗਰਸ ਸਰਕਾਰ ਦੀਆਂ ਉਪਲਬਧੀਆਂ ਬਾਰੇ ਜਾਣਕਾਰੀ ਦੇਣ | ਅਮਿਤ ਵਿੱਜ ਨੇ ਸਾਰੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਸਭ ਮਿਲ ਕੇ ਮਿਹਨਤ ਕਰਨਗੇ ਤਾਂ ਕਾਂਗਰਸ ਨਿਸ਼ਚਿਤ ਤੌਰ 'ਤੇ ਨਗਰ ਨਿਗਮ ਚੋਣਾਂ ਵਿਚ ਇਕ ਵਾਰ ਫਿਰ ਇਤਿਹਾਸਕ ਜਿੱਤ ਦਰਜ ਕਰੇਗੀ | ਉਨ੍ਹਾਂ ਕਿਹਾ ਕਿ ਇਹ ਚੋਣ ਸਿਰਫ਼ ਸੱਤਾ ਹਾਸਲ ਕਰਨ ਲਈ ਨਹੀਂ, ਸਗੋਂ ਸ਼ਹਿਰ ਦੇ ਵਿਕਾਸ ਅਤੇ ਜਨਤਾ ਦੀ ਸੇਵਾ ਦੇ ਸੰਕਲਪ ਨਾਲ ਜੁੜੀ ਹੋਈ ਹੈ | ਇਸ ਮੌਕੇ ਸਾਬਕਾ ਡਿਪਟੀ ਮੇਅਰ ਅਜੈ ਕੁਮਾਰ, ਕੌਂਸਲਰ ਗਣੇਸ਼ ਮਹਾਜਨ, ਰਾਕੇਸ਼ ਬਬਲੀ, ਆਸ਼ੀਸ਼ ਵਿੱਜ, ਰਜਨੀ ਮਿਨਹਾਸ ਸਮੇਤ ਹੋਰ ਕਈ ਆਗੂ ਅਤੇ ਵਰਕਰ ਮੌਜੂਦ ਸਨ |